ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ
ਚੰਡੀਗੜ੍ਹ 17 ਦਸੰਬਰ (ਗੁਰਪ੍ਰੀਤ ਸਿੰਘ): ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਵਿੱਤ ਵਿਭਾਗ ਵੱਲੋਂ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ਼ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮਨਜ਼ੂਰੀ ਤਹਿਤ ਏ.ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 729 ਖਾਲੀ ਅਸਾਮੀਆਂ ਅਤੇ ਸਟਾਫ਼ ਨਰਸਾਂ ਦੀਆਂ 1,896 ਪ੍ਰਵਾਨਿਤ ਅਸਾਮੀਆਂ ਵਿੱਚੋਂ 839 ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਟਾਫ਼ ਦੀ ਘਾਟ ਕਾਰਨ ਸਿਹਤ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ, ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਤਰਜੀਹ ਦੇ ਅਧਾਰ ’ਤੇ ਭਰਿਆ ਜਾ ਰਿਹਾ ਹੈ।
ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਭਰਤੀਆਂ ਨਾਲ ਸਾਲਾਨਾ ਲਗਭਗ 48.88 ਕਰੋੜ ਰੁਪਏ ਦਾ ਵਿੱਤੀ ਪ੍ਰਭਾਵ ਪਵੇਗਾ। ਇਸ ਵਿੱਚੋਂ ਏ.ਐਨ.ਐਮ. ਅਸਾਮੀਆਂ ਲਈ ਸਾਲਾਨਾ 18.98 ਕਰੋੜ ਰੁਪਏ ਅਤੇ ਸਟਾਫ਼ ਨਰਸਾਂ ਲਈ 29.90 ਕਰੋੜ ਰੁਪਏ ਖਰਚੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਪ੍ਰਵਾਨਿਤ ਤਨਖ਼ਾਹ ਢਾਂਚੇ ਅਨੁਸਾਰ ਏ.ਐਨ.ਐਮ. ਨੂੰ 21,700 ਰੁਪਏ ਪ੍ਰਤੀ ਮਹੀਨਾ ਅਤੇ ਸਟਾਫ਼ ਨਰਸਾਂ ਨੂੰ 29,700 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਯੋਗਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਵੱਲੋਂ ਲਿਖਤੀ ਪ੍ਰੀਖਿਆ ਰਾਹੀਂ ਕਰਵਾਈ ਜਾਣ ਦੀ ਤਜਵੀਜ਼ ਹੈ।
ਵਿੱਤ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਵਿੱਤ ਵਿਭਾਗ ਵੱਲੋਂ ਇਹ ਮਨਜ਼ੂਰੀ ਇਸ ਸ਼ਰਤ ਨਾਲ ਦਿੱਤੀ ਗਈ ਹੈ ਕਿ ਸਿਹਤ ਵਿਭਾਗ ਇਨ੍ਹਾਂ ਨਿਯੁਕਤੀਆਂ ਸਬੰਧੀ ਪ੍ਰਸੋਨਲ ਵਿਭਾਗ ਤੋਂ ਲੋੜੀਂਦੀ ਸਹਿਮਤੀ ਯਕੀਨੀ ਬਣਾਏ।
