
ਪਟਿਆਲਾ, 18 ਦਸੰਬਰ: (ਚੌਧਰੀ ਪ੍ਰਭਜੀਤ ਸਿੰਘ): ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਸੂਬੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ “ਰੰਗਲਾ ਪੰਜਾਬ” ਦੇ ਸੁਪਨੇ ’ਤੇ ਆਪਣੀ ਮੋਹਰ ਲਗਾਈ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਨਤਾ ਦੇ ਇਸ ਫੈਸਲੇ ਨੇ ਸਾਫ਼ ਕਰ ਦਿੱਤਾ ਹੈ ਕਿ ਲੋਕ ਵਿਕਾਸ, ਇਮਾਨਦਾਰ ਪ੍ਰਸ਼ਾਸਨ ਅਤੇ ਲੋਕ-ਹਿੱਤ ਦੀ ਰਾਜਨੀਤੀ ਦੇ ਨਾਲ ਖੜੇ ਹਨ। ਉਨ੍ਹਾਂ ਦੱਸਿਆ ਕਿ ਇਹ ਜਿੱਤ ਸਰਕਾਰ ਲਈ ਹੋਰ ਵੱਡੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਪਹਿਲੀ ਤਰਜੀਹ ਰਹੇਗੀ।
ਚੋਣੀ ਜਿੱਤ ਮਗਰੋਂ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਨਵੇਂ ਚੁਣੇ ਗਏ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮੈਂਬਰਾਂ ਨੂੰ ਵਧਾਈ ਦਿੰਦਿਆਂ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਇਕੱਠਿਆਂ ਹੋ ਕੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੇ ਬਾਵਜੂਦ ਪਾਰਟੀ ਨੂੰ ਜਿੱਤਣ ਤੋਂ ਰੋਕਿਆ ਨਹੀਂ ਜਾ ਸਕਿਆ। ਉਨ੍ਹਾਂ ਕਿਹਾ ਕਿ ਇਹ ਨਤੀਜੇ ਦਰਸਾਉਂਦੇ ਹਨ ਕਿ ਲੋਕ ਹੁਣ ਪੁਰਾਣੀ ਰਾਜਨੀਤੀ ਨੂੰ ਨਕਾਰ ਚੁੱਕੇ ਹਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਣ ਸਰਕਾਰ ਪਹਿਲਾਂ ਨਾਲੋਂ ਦਸ ਗੁਣਾ ਵਧੇਰੇ ਤੇਜ਼ੀ ਨਾਲ ਵਿਕਾਸ ਕਾਰਜ ਕਰੇਗੀ। ਉਨ੍ਹਾਂ ਦੱਸਿਆ ਕਿ ਔਰਤਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਸੜਕਾਂ ਦਾ ਨਿਰਮਾਣ, ਛਪੜਾਂ ਦੀ ਸਫ਼ਾਈ, ਹਸਪਤਾਲਾਂ ਵਿੱਚ ਸਫ਼ਾਈ, ਮੁਫ਼ਤ ਦਵਾਈਆਂ, ਜ਼ੀਰੋ ਬਿਜਲੀ ਬਿਲ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਇਹ ਜਿੱਤ ਸਿਰਫ਼ ਆਮ ਆਦਮੀ ਪਾਰਟੀ ਦੀ ਨਹੀਂ, ਸਗੋਂ ਪੰਜਾਬ ਦੇ ਹਰ ਨਾਗਰਿਕ ਦੀ ਜਿੱਤ ਹੈ। ਇਸ ਮੌਕੇ ਪਟਿਆਲਾ ਦਿਹਾਤੀ ਹਲਕੇ ਦੇ ਨਵੇਂ ਚੁਣੇ ਗਏ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪੰਚ ਅਤੇ ਸਰਪੰਚ ਮੌਜੂਦ ਸਨ।