Homeਪੰਜਾਬ20 ਦਸੰਬਰ ਨੂੰ ਪੰਜਾਬ ਭਰ ’ਚ ਰੇਲ ਰੋਕੋ ਅੰਦੋਲਨ ਦਾ ਐਲਾਨ

20 ਦਸੰਬਰ ਨੂੰ ਪੰਜਾਬ ਭਰ ’ਚ ਰੇਲ ਰੋਕੋ ਅੰਦੋਲਨ ਦਾ ਐਲਾਨ

ਕਿਸਾਨ ਆਗੂਆਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਪੰਜਾਬ : 19 ਦਸੰਬਰ 2025: (ਗੁਰਪ੍ਰੀਤ ਸਿੰਘ ) : ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਭਲਕੇ 20 ਦਸੰਬਰ ਨੂੰ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਹ ਐਲਾਨ ਕਿਸਾਨ ਮਜ਼ਦੂਰ ਮੋਰਚਾ (KMM) ਦੇ ਸੱਦੇ ’ਤੇ ਡੀਸੀ ਦਫ਼ਤਰਾਂ ਅੱਗੇ ਚੱਲ ਰਹੇ ਮੋਰਚਿਆਂ ਦੇ ਸੰਦਰਭ ਵਿੱਚ ਕੀਤਾ ਗਿਆ ਹੈ।

ਫਿਰੋਜ਼ਪੁਰ ਡੀਸੀ ਦਫ਼ਤਰ ਅੱਗੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਅਤੇ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਆਗੂ ਚਮਕੌਰ ਸਿੰਘ ਉਸਮਾਨਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦਾ ਜਾ ਰਿਹਾ ਬਿਜਲੀ ਸੋਧ ਬਿੱਲ 2025 ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਸਾਰੀਆਂ ਪਾਰਟੀਆਂ ਦੀ ਸਹਿਮਤੀ ਨਾਲ ਇਸ ਬਿੱਲ ਦੇ ਖ਼ਿਲਾਫ਼ ਮਤਾ ਪਾਸ ਕਰੇ।

ਕਿਸਾਨ ਆਗੂਆਂ ਨੇ ਬਿਜਲੀ ਮਹਿਕਮੇ ਦੇ ਨਿੱਜੀਕਰਨ ਨੂੰ ਰੋਕਣ, ਠੇਕੇਦਾਰੀ ਨੀਤੀ ਖ਼ਤਮ ਕਰਕੇ ਪੱਕੀ ਭਰਤੀ ਕਰਨ ਅਤੇ ਖਪਤਕਾਰਾਂ ਦੇ ਘਰਾਂ ਅੱਗੇ ਜ਼ਬਰਦਸਤੀ ਪ੍ਰੀਪੇਡ ਮੀਟਰ ਲਗਾਉਣ ਦੀ ਪ੍ਰਕਿਰਿਆ ਤੁਰੰਤ ਬੰਦ ਕਰਨ ਦੀ ਮੰਗ ਰੱਖੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਡਰਾਫ਼ਟ ਸੀਡ ਬਿੱਲ 2025 ਨੂੰ ਵਾਪਸ ਲੈਣ ਅਤੇ ਬੀਜ ਉਤਪਾਦਨ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਕੋਸ਼ਿਸ਼ਾਂ ਰੋਕਣ ਦੀ ਮੰਗ ਵੀ ਕੀਤੀ ਗਈ।

ਆਗੂਆਂ ਨੇ ਦੋਸ਼ ਲਗਾਇਆ ਕਿ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ 14 ਮਹੀਨੇ ਚੱਲੇ ਕਿਸਾਨ ਮਜ਼ਦੂਰ ਮੋਰਚੇ ਨੂੰ ਭਗਵੰਤ ਮਾਨ ਸਰਕਾਰ ਨੇ ਜਬਰ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਮੋਰਚੇ ਦੇ ਆਗੂਆਂ ਨੂੰ ਧੋਖੇ ਨਾਲ ਗ੍ਰਿਫ਼ਤਾਰ ਕਰਕੇ ਸਾਜ਼ੋ-ਸਾਮਾਨ ਅਤੇ ਟਰੈਕਟਰ-ਟਰਾਲੀਆਂ ਲੁੱਟੀਆਂ ਗਈਆਂ, ਜਿਸ ਦੀ ₹3,77,00,948 ਰੁਪਏ ਦੀ ਭਰਪਾਈ ਸਰਕਾਰ ਕਰੇ।

ਕਿਸਾਨ ਆਗੂਆਂ ਨੇ ਦਿੱਲੀ ਕਿਸਾਨ ਅੰਦੋਲਨ 01, ਕਿਸਾਨ ਅੰਦੋਲਨ 02 ਅਤੇ ਪੰਜਾਬ ਅੰਦਰ ਚੱਲੇ ਸੰਘਰਸ਼ਾਂ ਦੌਰਾਨ ਦਰਜ ਕੀਤੇ ਗਏ ਸਾਰੇ ਕੇਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਨਾਲ ਹੀ ਰੇਲਵੇ ਵਿਭਾਗ ਵੱਲੋਂ ਕਿਸਾਨ ਆਗੂਆਂ ਨੂੰ ਭੇਜੇ ਗਏ ਨੋਟਿਸ ਰੱਦ ਕਰਨ ਦੀ ਮੰਗ ਵੀ ਕੀਤੀ ਗਈ।

ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਜ਼ਖ਼ਮੀਆਂ ਨੂੰ ਯੋਗ ਮੁਆਵਜ਼ਾ ਮਿਲੇ।

ਇਸ ਮੌਕੇ ਇੰਦਰਜੀਤ ਸਿੰਘ ਬਾਠ, ਗੁਰਪ੍ਰੀਤ ਸਿੰਘ ਫਰੀਦੇਵਾਲਾ, ਗੁਰਮੇਲ ਸਿੰਘ ਫੱਤੇਵਾਲਾ, ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ ਫੌਜੀ, ਹਰਫੂਲ ਸਿੰਘ ਦੂਲੇਵਾਲਾ, ਸੁਖਵਿੰਦਰ ਸਿੰਘ ਅਲੀਪੁਰ, ਰਣਜੀਤ ਸਿੰਘ ਖੱਚਰ ਵਾਲਾ, ਗੁਰਭਾਗ ਸਿੰਘ ਮਰੂੜ, ਦਿਲਬਾਗ ਸਿੰਘ, ਨਰਿੰਦਰਪਾਲ ਸਿੰਘ ਜਤਾਲਾ, ਵੀਰ ਸਿੰਘ ਨਿਜਾਮਦੀਨ ਵਾਲਾ, ਮੰਗਲ ਸਿੰਘ ਜਵਾਹਰਕੇ, ਗੁਰਨਾਮ ਸਿੰਘ ਆਲੀਕੇ, ਗੁਰਬਖ਼ਸ਼ ਸਿੰਘ ਪੰਜਗਰਾਈਂ, ਗੁਲਜ਼ਾਰ ਸਿੰਘ ਗੋਗੋਆਣੀ, ਸੁਖਵੰਤ ਸਿੰਘ ਲੋਹੁਕਾ ਸਮੇਤ ਕਈ ਹੋਰ ਆਗੂਆਂ ਨੇ ਸੰਬੋਧਨ ਕੀਤਾ।

RELATED ARTICLES
- Advertisment -
Google search engine
Google search engine
Google search engine

Most Popular

Recent Comments