ਕੈਥਲ/ਹਰਿਆਣਾ 19 ਦਸੰਬਰ (ਛਤਰਪਾਲ ਸਿੰਘ): ਹਰਿਆਣਾ ਤੋਂ ਇੱਕ ਵੱਡੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਕੈਥਲ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਮੋਟਰਸਾਈਕਲ ਸਵਾਰ ਚਾਚਾ-ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਜਾਣਕਾਰੀ ਮੁਤਾਬਕ ਘਟਨਾ ਤੋਂ ਬਾਅਦ ਰਾਹਗੀਰਾਂ ਨੇ ਗੋਲੀਬਾਰੀ ਦੀ ਆਵਾਜ਼ ਸੁਣ ਕੇ ਮੌਕੇ ’ਤੇ ਪਹੁੰਚ ਕੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਚਾਚਾ ਰਾਜੇਂਦਰ ਅਤੇ ਉਸਦੇ ਭਤੀਜੇ ਵੀਰਭਾਨ ਵਜੋਂ ਹੋਈ ਹੈ।
ਕੈਥਲ ਦੀ ਐਸਪੀ ਉਪਾਸਨਾ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ ਜਟੇਡੀ ਪਿੰਡ ਦੇ ਨੇੜੇ ਡਬਲ ਮਰਡਰ ਦੀ ਸੂਚਨਾ ਮਿਲੀ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਆਪਣੇ ਖੇਤ ਵੱਲ ਜਾ ਰਿਹਾ ਸੀ ਅਤੇ ਦੋਸ਼ੀ ਉਸਦਾ ਪਿੱਛਾ ਕਰਦੇ ਹੋਏ ਉੱਥੇ ਪਹੁੰਚੇ। ਖੇਤ ਵਿੱਚ ਹੀ ਦੋਵਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਮਾਰੀਆਂ ਗਈਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਐਸਪੀ ਉਪਾਸਨਾ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਆਲੇ-ਦੁਆਲੇ ਦੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗਿਰਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
