ਚੰਡੀਗੜ੍ਹ: (ਪ੍ਰਭਜੋਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਲ ਭਿੱਖਿਆ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਲਗਾਤਾਰ ਦ੍ਰਿੜ੍ਹ ਅਤੇ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਵਿੱਚ ਖੇਤਰੀ ਸਮਾਜਿਕ ਸੁਰੱਖਿਆ ਟੀਮ ਵੱਲੋਂ ਬੀਤੇ ਤਿੰਨ ਦਿਨਾਂ ਦੌਰਾਨ 31 ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਹੈ, ਜੋ ਜੀਵਨਜੋਤ ਮੁਹਿੰਮ ਦੀ ਇੱਕ ਵੱਡੀ ਸਫ਼ਲਤਾ ਹੈ।
ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਅਗਸਤ ਤੋਂ ਲੈ ਕੇ ਹੁਣ ਤੱਕ ਜ਼ਿਲ੍ਹਾ ਮੋਹਾਲੀ ਵਿੱਚੋਂ ਕੁੱਲ 68 ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਜਾ ਚੁੱਕਾ ਹੈ, ਜਿਸ ਨਾਲ ਮੋਹਾਲੀ ਸੂਬੇ ਭਰ ਵਿੱਚ ਸਭ ਤੋਂ ਵੱਧ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਨ ਵਾਲਾ ਜ਼ਿਲ੍ਹਾ ਬਣ ਕੇ ਸਾਹਮਣੇ ਆਇਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਭਲਾਈ ਕਮੇਟੀ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਉਪਰੰਤ 3 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ ਹੈ, ਜਦਕਿ ਬਾਕੀ 28 ਬੱਚਿਆਂ ਦੇ ਦਸਤਾਵੇਜ਼ਾਂ ਦੀ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਲਈ ਰਹਿਣ, ਖਾਣ-ਪੀਣ ਅਤੇ ਸੁਰੱਖਿਆ ਦੀਆਂ ਪੂਰੀਆਂ ਸਹੂਲਤਾਂ ਉਪਲਬਧ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚੋਂ ਕੁੱਲ 807 ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਕੇ ਪੁਨਰਵਾਸ ਪ੍ਰਕਿਰਿਆ ਨਾਲ ਜੋੜਿਆ ਗਿਆ ਹੈ, ਜੋ ਮਾਨ ਸਰਕਾਰ ਦੀ ਬਾਲ-ਹਿਤੈਸ਼ੀ ਅਤੇ ਸੰਵੇਦਨਸ਼ੀਲ ਨੀਤੀ ਦਾ ਸਪਸ਼ਟ ਸਬੂਤ ਹੈ।
ਉਨ੍ਹਾਂ ਸਪਸ਼ਟ ਕੀਤਾ ਕਿ ਜੀਵਨਜੋਤ ਮੁਹਿੰਮ ਸਿਰਫ਼ ਰੈਸਕਿਊ ਤੱਕ ਸੀਮਿਤ ਨਹੀਂ, ਸਗੋਂ ਹਰ ਬੱਚੇ ਨੂੰ ਸੜਕ ਤੋਂ ਸਕੂਲ ਅਤੇ ਸੁਰੱਖਿਅਤ ਭਵਿੱਖ ਵੱਲ ਲਿਜਾਣ ਦਾ ਇਕ ਸਮਪੂਰਨ ਯਤਨ ਹੈ। ਰੈਸਕਿਊ ਤੋਂ ਬਾਅਦ ਬੱਚਿਆਂ ਦੀ ਸਿਹਤ ਜਾਂਚ, ਕਾਊਂਸਲਿੰਗ, ਸਿੱਖਿਆ ਅਤੇ ਪਰਿਵਾਰਕ ਪੁਨਰਵਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਬੱਚਾ ਮੁੜ ਸੜਕਾਂ ’ਤੇ ਭੀਖ ਮੰਗਣ ਲਈ ਮਜਬੂਰ ਨਾ ਹੋਵੇ।
ਕੈਬਨਿਟ ਮੰਤਰੀ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਗਿਰੋਹ ਬਾਲ ਭਿੱਖਿਆ ਜਾਂ ਬਾਲ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅੰਤ ਵਿੱਚ ਡਾ. ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਬਾਲ ਭਿੱਖਿਆ ਵਰਗੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਸਰਕਾਰ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬੱਚਾ ਭੀਖ ਮੰਗਦਾ ਦਿਖਾਈ ਦੇਵੇ, ਤਾਂ ਭੀਖ ਦੇਣ ਦੀ ਬਜਾਏ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਤੁਰੰਤ ਸੂਚਨਾ ਦਿੱਤੀ ਜਾਵੇ, ਤਾਂ ਜੋ ਹਰ ਬੱਚਾ ਭਿੱਖਿਆ ਨਹੀਂ, ਸਿੱਖਿਆ ਨਾਲ ਜੁੜ ਕੇ ਇਜ਼ਤਦਾਰ ਜੀਵਨ ਵੱਲ ਅੱਗੇ ਵਧ ਸਕੇ।
