ਮਲੇਸ਼ੀਆ/ਅੰਮ੍ਰਿਤਸਰ: 22 ਦਸੰਬਰ 2025 (ਸ਼.ਅ.ਬਿਓਰੋ): ਇੱਕ ਵਾਰ ਫਿਰ ਵਿਦੇਸ਼ ਤੋਂ ਪੰਜਾਬੀਆਂ ਸਮੇਤ ਕਈ ਭਾਰਤੀ ਨੌਜਵਾਨਾਂ ਨੂੰ ਡਿਪੋਰਟ ਕਰਕੇ ਭਾਰਤ ਵਾਪਸ ਭੇਜ ਦਿੱਤਾ ਗਿਆ ਹੈ। ਮਲੇਸ਼ੀਆ ਸਰਕਾਰ ਵੱਲੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਨੂੰ ਲੈ ਕੇ ਆਈ ਉਡਾਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰੀ। ਵਾਪਸ ਆਏ ਨੌਜਵਾਨਾਂ ਨੇ ਦੋਸ਼ ਲਗਾਇਆ ਹੈ ਕਿ ਮਲੇਸ਼ੀਆ ਵਿੱਚ ਉਨ੍ਹਾਂ ਨਾਲ ਅਣਮਨੁੱਖੀ ਤਸ਼ੱਦਦ ਕੀਤਾ ਗਿਆ।
ਅੰਮ੍ਰਿਤਸਰ ਪਹੁੰਚਣ ’ਤੇ ਇਨ੍ਹਾਂ ਨੌਜਵਾਨਾਂ ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਵਾਈ ਅੱਡੇ ’ਤੇ ਮੁਲਾਕਾਤ ਕੀਤੀ। ਇਸ ਮੌਕੇ ਨੌਜਵਾਨਾਂ ਨੇ ਦੱਸਿਆ ਕਿ ਉਹ ਸੈਲਾਨੀ ਅਤੇ ਰੁਜ਼ਗਾਰ ਵੀਜ਼ਿਆਂ ’ਤੇ ਮਲੇਸ਼ੀਆ ਗਏ ਸਨ, ਪਰ ਉਨ੍ਹਾਂ ਨੂੰ ਮਲੇਸ਼ੀਆਈ ਹਵਾਈ ਅੱਡੇ ’ਤੇ ਹੀ ਰੋਕ ਲਿਆ ਗਿਆ। ਨੌਜਵਾਨਾਂ ਦਾ ਕਹਿਣਾ ਹੈ ਕਿ ਉੱਥੇ ਮਲੇਸ਼ੀਆ ਸਰਕਾਰ ਅਤੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਬੁਰਾ ਵਿਵਹਾਰ ਕੀਤਾ ਗਿਆ ਅਤੇ ਕਈਆਂ ਨਾਲ ਅਣਮਨੁੱਖੀ ਤਸ਼ੱਦਦ ਵੀ ਹੋਇਆ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਅਜਿਹੀਆਂ ਘਟਨਾਵਾਂ ਵਿੱਚ ਪੰਜਾਬੀ ਭਾਈਚਾਰੇ ਨੂੰ ਵਿਸ਼ੇਸ਼ ਤੌਰ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਵਿਦੇਸ਼ੀ ਧਰਤੀ ’ਤੇ ਕਿਸੇ ਵੀ ਭਾਰਤੀ ਨਾਗਰਿਕ ਨਾਲ ਅਜਿਹਾ ਅਪਮਾਨਜਨਕ ਵਿਵਹਾਰ ਕਤਈ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਨੌਜਵਾਨਾਂ ਨੂੰ ਭਲਕੇ ਆਪਣੇ ਦਫ਼ਤਰ ਆਉਣ ਲਈ ਕਿਹਾ ਅਤੇ ਦੱਸਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਇਹ ਮਾਮਲਾ ਜਲਦੀ ਹੀ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਨਾਲ ਹੀ, ਇਸ ਮਾਮਲੇ ਨੂੰ ਮਲੇਸ਼ੀਆ ਸਥਿਤ ਭਾਰਤੀ ਦੂਤਾਵਾਸ ਨਾਲ ਵੀ ਤੁਰੰਤ ਉਠਾਇਆ ਜਾਵੇਗਾ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਭਾਰਤੀ ਨਾਲ ਅਜਿਹੀ ਘਟਨਾ ਦੁਹਰਾਈ ਨਾ ਜਾਵੇ।
ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਉਹ ਹਮੇਸ਼ਾਂ ਦੇਸ਼ ਦੇ ਨੌਜਵਾਨਾਂ ਦੇ ਸਤਿਕਾਰ, ਸੁਰੱਖਿਆ ਅਤੇ ਅਧਿਕਾਰਾਂ ਦੀ ਰਾਖੀ ਲਈ ਡਟ ਕੇ ਖੜ੍ਹੇ ਰਹਿਣਗੇ।
