ਪਟਿਆਲਾ, 22 ਦਸੰਬਰ: (ਗੁਰਪ੍ਰੀਤ ਸਿੰਘ) : ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼, ਸੁਚਾਰੂ ਅਤੇ ਲੋਕ-ਹਿਤੈਸ਼ੀ ਬਣਾਉਣ ਦੇ ਮਕਸਦ ਨਾਲ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਨਗਰ ਨਿਗਮ ਦੇ ਕੌਂਸਲਰ ਸਾਹਿਬਾਨਾ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨਗਰ ਨਿਗਮ ਵੱਲੋਂ ਚੱਲ ਰਹੇ ਅਤੇ ਆਉਣ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕਰਦੇ ਹੋਏ ਉਨ੍ਹਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਰਣਨੀਤੀ ਤੈਅ ਕੀਤੀ ਗਈ।
ਇਸ ਮੀਟਿੰਗ ਵਿੱਚ ਕੌਂਸਲਰ ਜਸਬੀਰ ਗਾਂਧੀ, ਕੌਂਸਲਰ ਗੁਰਪਾਲ ਸਿੰਘ, ਕੌਂਸਲਰ ਐਸ.ਕੇ., ਕੌਂਸਲਰ ਰੂਪਾਲੀ ਗਰਗ, ਕੌਂਸਲਰ ਮੁਕਤਾ ਗੁਪਤਾ ਸਮੇਤ ਹੋਰ ਕਈ ਕੌਂਸਲਰ ਸਾਹਿਬਾਨ ਮੌਜੂਦ ਰਹੇ।
ਮੇਅਰ ਕੁੰਦਨ ਗੋਗੀਆ ਨੇ ਮੀਟਿੰਗ ਦੌਰਾਨ ਕਿਹਾ ਕਿ ਨਗਰ ਨਿਗਮ ਦੀ ਸਭ ਤੋਂ ਵੱਡੀ ਤਰਜੀਹ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਨਿਰੰਤਰ ਸਪਲਾਈ, ਸੀਵਰੇਜ ਪ੍ਰਣਾਲੀ, ਸੜਕਾਂ ਦੀ ਮੁਰੰਮਤ, ਸਟ੍ਰੀਟ ਲਾਈਟਾਂ ਦੀ ਸੁਧਾਰ ਅਤੇ ਪਾਰਕਾਂ ਦੇ ਸੁੰਦਰੀਕਰਨ ਵਰਗੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਕੌਂਸਲਰ ਸਾਹਿਬਾਨਾ ਵੱਲੋਂ ਆਪਣੇ-ਆਪਣੇ ਵਾਰਡਾਂ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਜ਼ਰੂਰਤਾਂ ਨੂੰ ਮੇਅਰ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ’ਤੇ ਮੇਅਰ ਨੇ ਭਰੋਸਾ ਦਿਵਾਇਆ ਕਿ ਹਰ ਵਾਰਡ ਵਿੱਚ ਵਿਕਾਸ ਕਾਰਜ ਬਰਾਬਰੀ, ਪਾਰਦਰਸ਼ਤਾ ਅਤੇ ਨਿਆਂਪੂਰਕ ਢੰਗ ਨਾਲ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਵਿਕਾਸ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਲੋਕਾਂ ਦੇ ਟੈਕਸ ਦੇ ਪੈਸੇ ਦੀ ਪੂਰੀ ਜ਼ਿੰਮੇਵਾਰੀ ਨਾਲ ਵਰਤੋਂ ਯਕੀਨੀ ਬਣਾਈ ਜਾਵੇ।
ਮੇਅਰ ਗੋਗੀਆ ਨੇ ਕਿਹਾ ਕਿ ਪਟਿਆਲਾ ਨੂੰ ਇੱਕ ਸਾਫ਼, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣਾ ਸਾਰਿਆਂ ਦਾ ਸਾਂਝਾ ਟੀਚਾ ਹੈ ਅਤੇ ਨਗਰ ਨਿਗਮ ਦੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕੇ।
ਮੀਟਿੰਗ ਦੇ ਅੰਤ ਵਿੱਚ ਸਾਰੇ ਕੌਂਸਲਰ ਸਾਹਿਬਾਨ ਵੱਲੋਂ ਵਿਕਾਸ ਕਾਰਜਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਨਿਯਮਤ ਸਮੀਖਿਆ ਮੀਟਿੰਗਾਂ ਕਰਨ ਦਾ ਫੈਸਲਾ ਵੀ ਲਿਆ ਗਿਆ।
ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਕੌਂਸਲਰ ਸਾਹਿਬਾਨਾ ਨਾਲ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ।







