ਸ਼੍ਰੀ ਗੰਗਾਨਗਰ, 24 ਦਸੰਬਰ: (ਸ਼.ਅ.ਬਿਓਰੋ) : ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜ਼ਿਲ੍ਹੇ ਵਿੱਚ ਕ੍ਰਿਸਮਸ ਸਮਾਗਮਾਂ ਦੌਰਾਨ ਬੱਚਿਆਂ ’ਤੇ ਕਿਸੇ ਵੀ ਤਰ੍ਹਾਂ ਦੀ ਪਰੰਪਰਾ ਥੋਪਣ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਸਖ਼ਤ ਰੁਖ ਅਪਣਾਇਆ ਹੈ। ਵਿਭਾਗ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਚੇਤਾਵਨੀ ਜਾਰੀ ਕਰਦਿਆਂ ਸਪਸ਼ਟ ਕੀਤਾ ਹੈ ਕਿ ਕ੍ਰਿਸਮਸ ਦੇ ਮੌਕੇ ਕਿਸੇ ਵੀ ਵਿਦਿਆਰਥੀ ਜਾਂ ਮਾਪਿਆਂ ਨੂੰ ਬੱਚਿਆਂ ਨੂੰ ਸਾਂਤਾ ਕਲਾਜ਼ ਵਾਂਗ ਕੱਪੜੇ ਪਾਉਣ ਲਈ ਮਜਬੂਰ ਨਾ ਕੀਤਾ ਜਾਵੇ।
ਪੀਟੀਆਈ ਦੀ ਰਿਪੋਰਟ ਅਨੁਸਾਰ, ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਦੀ ਬਹੁ ਗਿਣਤੀ ਹੈ ਅਤੇ ਇਸ ਕਰਕੇ ਬੱਚਿਆਂ ’ਤੇ ਕਿਸੇ ਖ਼ਾਸ ਧਾਰਮਿਕ ਜਾਂ ਸਾਂਸਕ੍ਰਿਤਿਕ ਪਰੰਪਰਾ ਨੂੰ ਥੋਪਣਾ ਉਚਿਤ ਨਹੀਂ। ਜੇਕਰ ਕਿਸੇ ਸਕੂਲ ਵੱਲੋਂ ਇਸ ਤਰ੍ਹਾਂ ਦੀ ਜ਼ਬਰਦਸਤੀ ਕੀਤੀ ਗਈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਧੀਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਸ਼ੋਕ ਵਾਧਵਾ ਵੱਲੋਂ 22 ਦਸੰਬਰ ਨੂੰ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਜਾਂ ਉਨ੍ਹਾਂ ਦੇ ਮਾਪਿਆਂ ’ਤੇ ਕ੍ਰਿਸਮਸ ਜਾਂ ਕਿਸੇ ਹੋਰ ਤਿਉਹਾਰ ਨਾਲ ਸੰਬੰਧਤ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਕੋਈ ਦਬਾਅ ਨਾ ਬਣਾਉਣ। ਆਦੇਸ਼ ਵਿੱਚ ਜ਼ੋਰ ਦੇ ਕੇ ਕਿਹਾ ਗਿਆ ਹੈ ਕਿ ਬੱਚਿਆਂ ਦੀ ਸੱਭਿਆਚਾਰਕ ਅਤੇ ਧਾਰਮਿਕ ਆਜ਼ਾਦੀ ਦਾ ਪੂਰਾ ਆਦਰ ਕੀਤਾ ਜਾਣਾ ਚਾਹੀਦਾ ਹੈ।
ਸਿੱਖਿਆ ਵਿਭਾਗ ਦੀ ਇਸ ਹਦਾਇਤ ਤੋਂ ਬਾਅਦ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਸਾਵਧਾਨ ਰਹਿਣ ਅਤੇ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।







