Homeਪਟਿਆਲਾ ਅਪਡੇਟਸੜਕ ਸੁਰੱਖਿਆ ਅਤੇ ਆਵਾਜ਼ ਪ੍ਰਦੂਸ਼ਣ ‘ਤੇ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਦੇ...

ਸੜਕ ਸੁਰੱਖਿਆ ਅਤੇ ਆਵਾਜ਼ ਪ੍ਰਦੂਸ਼ਣ ‘ਤੇ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਦੇ ਸਖ਼ਤ ਹੁਕਮ

ਬਾਜ਼ਾਰਾਂ ਵਿੱਚ ਨਾਜਾਇਜ਼ ਕਬਜ਼ੇ ਹਟਾਉਣ, ਹਸਪਤਾਲਾਂ ਤੇ ਸਕੂਲਾਂ ਬਾਹਰ ਜਾਮ ਨਾ ਹੋਣ ਦੇ ਨਿਰਦੇਸ਼

ਪਟਿਆਲਾ, 24 ਦਸੰਬਰ: (ਪ੍ਰਭਜੋਤ ਸਿੰਘ) : ਪਟਿਆਲਾ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਆਵਾਜ਼ ਪ੍ਰਦੂਸ਼ਣ ਘਟਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਬੈਠਕ ਹੋਈ। ਇਸ ਦੌਰਾਨ ਉਨ੍ਹਾਂ ਵਧੇਰੇ ਹਾਦਸਿਆਂ ਵਾਲੇ ਬਲੈਕ ਸਪਾਟਸ ‘ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਦੀ ਰੱਖਿਆ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹੁਕਮ ਦਿੱਤੇ ਕਿ ਹਾਦਸਿਆਂ ਵਾਲੀਆਂ ਸੜਕਾਂ, ਖ਼ਤਰਨਾਕ ਮੋੜਾਂ ਅਤੇ ਵਧੇਰੇ ਟ੍ਰੈਫਿਕ ਭਾਰ ਵਾਲੇ ਚੌਂਕਾਂ ‘ਤੇ ਤੁਰੰਤ ਟ੍ਰੈਫਿਕ ਮੈਨੇਜਮੈਂਟ ਪਲਾਨ ਤਿਆਰ ਕਰਕੇ ਸਮਾਂਬੱਧ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਸ਼ਹਿਰ ਸਮੇਤ ਜ਼ਿਲ੍ਹੇ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਜਲਦੀ ਹੱਲ ਕੀਤਾ ਜਾ ਸਕੇ।

ਉਨ੍ਹਾਂ ਭੁਪਿੰਦਰਾ ਰੋਡ, ਰਾਜਿੰਦਰਾ ਹਸਪਤਾਲ, ਥਾਪਰ ਕਾਲਜ, ਨਵਾਂ ਬੱਸ ਸਟੈਂਡ, ਮਨੀਪਾਲ ਹਸਪਤਾਲ ਅਤੇ ਨੈਸ਼ਨਲ ਪਾਰਕ ਨੇੜੇ ਰੇਹੜੀ-ਫੜ੍ਹੀ ਵਾਲਿਆਂ ਨੂੰ ਸਖ਼ਤੀ ਨਾਲ ਰੈਗੂਲੇਟ ਕਰਨ ਦੇ ਹੁਕਮ ਦਿੱਤੇ, ਤਾਂ ਜੋ ਟ੍ਰੈਫਿਕ ਵਿੱਚ ਕੋਈ ਵਿਘਨ ਨਾ ਪਏ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਕਾਰਨ ਕਈ ਜਾਨਾਂ ਅਜਾਂਈਂ ਚਲੀਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਅਤੇ ਬੁਨਿਆਦੀ ਸੁਧਾਰਾਂ ਰਾਹੀਂ ਰੋਕਿਆ ਜਾ ਸਕਦਾ ਹੈ।

ਡਾ. ਪ੍ਰੀਤੀ ਯਾਦਵ ਨੇ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਵਿੱਚ ਜਿੱਥੇ ਜਾਮ ਲੱਗਦੇ ਹਨ, ਉਥੋਂ ਤੁਰੰਤ ਸਾਰੀਆਂ ਰੁਕਾਵਟਾਂ ਦੂਰ ਕੀਤੀਆਂ ਜਾਣ। ਉਨ੍ਹਾਂ ਸਾਫ਼ ਕੀਤਾ ਕਿ ਹਸਪਤਾਲਾਂ ਅਤੇ ਸਕੂਲਾਂ ਦੇ ਬਾਹਰ ਕਿਸੇ ਵੀ ਸਥਿਤੀ ਵਿੱਚ ਜਾਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਟਰਾਂਸਪੋਰਟ ਵਿਭਾਗ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਜੰਗਲਾਤ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੜਕਾਂ ‘ਤੇ ਨਾਜਾਇਜ਼ ਕਬਜ਼ੇ, ਦੁਕਾਨਾਂ ਅੱਗੇ ਰੱਖਿਆ ਵਾਧੂ ਸਮਾਨ, ਫਲੈਕਸ ਅਤੇ ਹੋਰਡਿੰਗ ਤੁਰੰਤ ਹਟਵਾਉਣ ਦੇ ਹੁਕਮ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਸਮਾਨ ਸੜਕਾਂ ‘ਤੇ ਅੱਗੇ ਵਧਾ ਕੇ ਨਾ ਰੱਖਿਆ ਜਾਵੇ ਅਤੇ ਵਾਹਨ ਸਿਰਫ਼ ਨਿਰਧਾਰਤ ਪਾਰਕਿੰਗ ਸਥਾਨਾਂ ‘ਤੇ ਹੀ ਖੜ੍ਹੇ ਕੀਤੇ ਜਾਣ।

ਆਵਾਜ਼ ਪ੍ਰਦੂਸ਼ਣ ਸਬੰਧੀ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਸਰਕਾਰ ਦੇ ਨਿਯਮਾਂ ਅਨੁਸਾਰ ਬੇਲੋੜੀ ਆਵਾਜ਼ ਅਤੇ ਤੇਜ਼ ਹਾਰਨਾਂ ‘ਤੇ ਪਾਬੰਦੀ ਹੈ, ਪਰ ਫਿਰ ਵੀ ਵਧ ਰਹੀ ਆਵਾਜ਼ ਪ੍ਰਦੂਸ਼ਣ ਕਾਰਨ ਬਜ਼ੁਰਗਾਂ, ਬੱਚਿਆਂ, ਵਿਦਿਆਰਥੀਆਂ ਅਤੇ ਬੀਮਾਰ ਵਿਅਕਤੀਆਂ ਦੀ ਸਿਹਤ ਪ੍ਰਭਾਵਿਤ ਹੋ ਰਹੀ ਹੈ। ਇਸ ਲਈ ਡੀ.ਐਸ.ਪੀ. (ਟ੍ਰੈਫਿਕ) ਨੂੰ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਮੌਕੇ ‘ਤੇ ਚਲਾਨ ਕਰਨ ਦੇ ਹੁਕਮ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਲੋੜ ਤੋਂ ਹਾਰਨ ਨਾ ਵਜਾਉਣ ਅਤੇ ਸ਼ਾਂਤਮਈ, ਸਿਹਤਮੰਦ ਵਾਤਾਵਰਨ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਸਪਸ਼ਟ ਕੀਤਾ ਕਿ ਆਵਾਜ਼ ਪ੍ਰਦੂਸ਼ਣ ‘ਤੇ ਨਿਯੰਤਰਣ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਨਿਯਮ ਤੋੜਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਡਾ. ਇਸਮਿਤ ਵਿਜੇ ਸਿੰਘ, ਰੀਜ਼ਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ. ਅਸ਼ੋਕ ਕੁਮਾਰ, ਨਮਨ ਮੜਕਨ, ਰਿਚਾ ਗੋਇਲ, ਸੁਖਪਾਲ ਸਿੰਘ, ਹਰਜੋਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments