ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਤੀ ਮ੍ਰਿਤਕ 10 ਲੱਖ ਰੁਪਏ ਦੀ ਸਹਾਇਤਾ ਮਨਜ਼ੂਰ
ਚੰਡੀਗੜ੍ਹ, 24 ਦਸੰਬਰ (ਜਗਜੀਤ ਸਿੰਘ): ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਅਹਿਮ ਅਤੇ ਮਨੁੱਖੀ ਫੈਸਲਾ ਲੈਂਦਿਆਂ ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਸਰਕਾਰੀ ਕਰਮਚਾਰੀਆਂ ਦੇ ਪਰਿਵਾਰਾਂ ਲਈ ਮਾਲੀ ਸਹਾਇਤਾ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤਹਿਤ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਵਾਪਰੇ ਇੱਕ ਦੁਖਦਾਈ ਸੜਕ ਹਾਦਸੇ ਵਿੱਚ ਮਾਰੇ ਗਏ ਸਰਕਾਰੀ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਕੁੱਲ 20 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸਰਕਾਰੀ ਸਕੂਲ ਦੇ ਅਧਿਆਪਕ ਜਸਕਰਨ ਸਿੰਘ ਭੁੱਲਰ (ਅੰਗਰੇਜ਼ੀ ਮਾਸਟਰ) ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਚੋਣਾਂ ਦੌਰਾਨ ਲੱਗੀ ਆਪਣੀ ਸਰਕਾਰੀ ਡਿਊਟੀ ਨਿਭਾਉਣ ਲਈ ਜਾ ਰਹੇ ਸਨ, ਜਦੋਂ ਰਸਤੇ ਵਿੱਚ ਉਹ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿੱਚ ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੁਖਦਾਈ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪ੍ਰਤੀ ਮ੍ਰਿਤਕ 10 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 20 ਲੱਖ ਰੁਪਏ ਦੀ ਮਾਲੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਹ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਜਾਰੀ ਕੀਤੀ ਗਈ ਹੈ।
ਇਸ ਸਬੰਧ ਵਿੱਚ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਪੱਤਰ ਅਨੁਸਾਰ 20 ਲੱਖ ਰੁਪਏ ਦੀ ਰਾਸ਼ੀ ਡਿਪਟੀ ਕਮਿਸ਼ਨਰ, ਮੋਗਾ ਦੇ ਬੈਂਕ ਖਾਤੇ ਵਿੱਚ RTGS ਰਾਹੀਂ ਟ੍ਰਾਂਸਫਰ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਹ ਰਾਸ਼ੀ ਤੁਰੰਤ ਦੋਹਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਜਾਂ ਕਾਨੂੰਨੀ ਵਾਰਸਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰਕੇ ਇਸ ਦੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਚੋਣ ਡਿਊਟੀ ਨਿਭਾਉਂਦੇ ਹੋਏ ਜਾਨ ਗਵਾਉਣ ਵਾਲੇ ਕਰਮਚਾਰੀਆਂ ਦਾ ਸਨਮਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਕਰਨਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਸਰਕਾਰ ਹਰ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
