– ਨਗਰ ਨਿਗਮ ਦਾ ਮੁੱਖ ਟੀਚਾ ਪਟਿਆਲਾ ਨੂੰ ਸਾਫ਼, ਸੁੰਦਰ ਅਤੇ ਵਿਕਸਿਤ ਸ਼ਹਿਰ ਬਣਾਉਣਾ- ਮੇਅਰ
ਪਟਿਆਲਾ, 25 ਦਸੰਬਰ (ਪ੍ਰਭਜੋਤ ਸਿੰਘ) : ਨਗਰ ਨਿਗਮ ਪਟਿਆਲਾ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਜਾਰੀ ਕਰਨ ’ਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਦਾ ਧੰਨਵਾਦ ਕੀਤਾ। ਕੌਂਸਲਰਾਂ ਨੇ ਕਿਹਾ ਕਿ ਫੰਡਾਂ ਦੀ ਉਪਲਬਧਤਾ ਨਾਲ ਵਾਰਡ ਪੱਧਰ ’ਤੇ ਲੰਮੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲੇਗੀ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਾਪਤ ਹੋਵੇਗੀ। ਇਸ ਮੌਕੇ ਕੌਂਸਲਰ ਗੁਰ ਕਿਰਪਾਲ ਸਿੰਘ, ਕੌਂਸਲਰ ਸ਼ਿਵਰਾਜ ਵਿਰਕ , ਕੌਂਸਲਰ ਗਿਆਨ ਚੰਦ ,ਕੌਂਸਲਰ ਮੁਕਤਾ ਗੁਪਤਾ, ਕੌਂਸਲਰ ਨਿਸ਼ਾਂਤ, ਕੌਂਸਲਰ ਖੁਰਾਣਾ ਅਤੇ ਹੋਰ ਕਈ ਕੌਂਸਲਰ ਵੀ ਮੌਜੂਦ ਸਨ.
ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਗੱਲਬਾਤ ਦੌਰਾਨ ਦੱਸਿਆ ਕਿ ਜਿਆਦਾਤਰ ਕੌਂਸਲਰਾਂ ਨੂੰ ਸੜਕਾਂ ਦੀ ਮੁਰੰਮਤ, ਗਲੀਆਂ-ਨਾਲੀਆਂ ਦੀ ਸਫਾਈ, ਸਟ੍ਰੀਟ ਲਾਈਟਾਂ ਦੀ ਸਥਾਪਨਾ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਸੰਬੰਧੀ ਕੰਮਾਂ ਲਈ ਫੰਡਾਂ ਦੀ ਲੋੜ ਸੀ, ਜੋ ਹੁਣ ਪੂਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਵਾਰਡਾਂ ਨਾਲ ਬਰਾਬਰੀ ਦਾ ਵਿਵਹਾਰ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕੰਮਾਂ ਨੂੰ ਤਰਜੀਹ ਦੇ ਕੇ ਸ਼ਹਿਰ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ ਜਾ ਰਿਹਾ ਹੈ।
ਇਸ ਮੌਕੇ ਕੌਂਸਲਰਾਂ ਨੇ ਵੀ ਕਿਹਾ ਕਿ ਫੰਡਾਂ ਦੀ ਸਮੇਂ ਸਿਰ ਰਿਲੀਜ਼ ਨਾਲ ਨਗਰ ਨਿਗਮ ਦੀ ਕਾਰਗੁਜ਼ਾਰੀ ’ਚ ਸੁਧਾਰ ਆਵੇਗਾ ਅਤੇ ਲੋਕਾਂ ਦੇ ਰੋਜ਼ਮਰ੍ਹਾ ਨਾਲ ਜੁੜੇ ਮਸਲੇ ਜਲਦ ਹੱਲ ਹੋਣਗੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਾਰੀ ਕੀਤੇ ਗਏ ਫੰਡਾਂ ਦੀ ਵਰਤੋਂ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਕੀਤੀ ਜਾਵੇਗੀ, ਤਾਂ ਜੋ ਹਰ ਰੁਪਏ ਦਾ ਲਾਭ ਸ਼ਹਿਰ ਵਾਸੀਆਂ ਤੱਕ ਪਹੁੰਚ ਸਕੇ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਟੀਚਾ ਪਟਿਆਲਾ ਨੂੰ ਸਾਫ਼, ਸੁੰਦਰ ਅਤੇ ਵਿਕਸਿਤ ਸ਼ਹਿਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੌਂਸਲਰਾਂ ਅਤੇ ਨਗਰ ਨਿਗਮ ਅਧਿਕਾਰੀਆਂ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ’ਚ ਹੋਰ ਵੀ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ, ਤਾਂ ਜੋ ਪਟਿਆਲਾ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲ ਸਕੇ।







