ਚੰਡੀਗੜ੍ਹ, 29 ਦਸੰਬਰ 2025 (ਪ੍ਰਭਜੋਤ ਸਿੰਘ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਪ੍ਰੈਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਈ ਸਿੱਖ ਸੰਸਥਾਵਾਂ ਵੱਲੋਂ ਮੰਗ ਕੀਤੀ ਗਈ ਸੀ ਕਿ 328 ਸਰੂਪ ਕਿੱਥੇ ਗਏ ਹਨ, ਇਸ ਬਾਰੇ ਸੱਚ ਸਾਹਮਣੇ ਲਿਆਂਦਾ ਜਾਵੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸੇ ਕਾਰਨ ਸਰਕਾਰ ਵੱਲੋਂ ਪਰਚਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਵੱਲੋਂ ਖੁਦ ਇਹ ਗੱਲ ਆਖੀ ਗਈ ਸੀ ਕਿ ਇੱਥੇ 10–20 ਘਪਲੇ ਰੋਜ਼ਾਨਾ ਹੁੰਦੇ ਹਨ। ਮਾਨ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਮਕਸਦ ਸਿਰਫ਼ ਅਤੇ ਸਿਰਫ਼ ਸੱਚ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ 328 ਸਰੂਪਾਂ ਦੇ ਮਾਮਲੇ ਵਿੱਚ ਆਪਣਾ ਪੱਲਾ ਝਾੜ ਲਿਆ ਗਿਆ ਹੈ, ਪਰ ਪੰਜਾਬ ਸਰਕਾਰ ਇਸ ਮਾਮਲੇ ਨੂੰ ਇਥੇ ਹੀ ਖਤਮ ਨਹੀਂ ਹੋਣ ਦੇਵੇਗੀ। “ਅਸੀਂ ਸੱਚ ਸਾਹਮਣੇ ਲਿਆ ਕੇ ਰਹਾਂਗੇ,” ਮੁੱਖ ਮੰਤਰੀ ਨੇ ਦ੍ਰਿੜਤਾ ਨਾਲ ਕਿਹਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਕੋਲ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੇ ਮਤੇ ਵੀ ਮੌਜੂਦ ਹਨ, ਜਿਨ੍ਹਾਂ ਦੇ ਆਧਾਰ ‘ਤੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨਾਲ ਜੁੜੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਗਲਤ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
