ਚੰਡੀਗੜ੍ਹ, 29 ਦਸੰਬਰ 2025 🙁 ਸ਼.ਅ.ਬਿਓਰੋ): ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੋਵਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ, ਜਿਸ ਨਾਲ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਫਰੀਦਕੋਟ ਵਿੱਚ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਦੱਸਿਆ ਕਿ ਅੱਜ ਸੋਮਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਵੇਰ ਅਤੇ ਰਾਤ ਸਮੇਂ ਸੰਘਣੀ ਧੁੰਦ ਅਤੇ ਠੰਢੀ ਲਹਿਰ ਦਾ ਪ੍ਰਭਾਵ ਬਣਿਆ ਰਹੇਗਾ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਮੁਤਾਬਕ 31 ਦਸੰਬਰ ਅਤੇ ਨਵੇਂ ਸਾਲ ਦੇ ਪਹਿਲੇ ਦਿਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਮੌਸਮ ਸਾਫ਼ ਹੋ ਜਾਣ ਦੀ ਉਮੀਦ ਹੈ।
ਇਸ ਦੌਰਾਨ ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਠੰਢੀ ਲਹਿਰ ਦਰਜ ਕੀਤੀ ਗਈ, ਜਦਕਿ ਅੰਮ੍ਰਿਤਸਰ, ਆਦਮਪੁਰ, ਪਠਾਨਕੋਟ ਅਤੇ ਬਠਿੰਡਾ ਵਿੱਚ ਜ਼ੀਰੋ ਵਿਜ਼ੀਬਿਲਟੀ ਰਹੀ। ਲੁਧਿਆਣਾ ਵਿੱਚ ਵਿਜ਼ੀਬਿਲਟੀ ਸਿਰਫ਼ 10 ਮੀਟਰ, ਪਟਿਆਲਾ ਵਿੱਚ 20 ਮੀਟਰ ਅਤੇ ਬਠਿੰਡਾ ਵਿੱਚ 50 ਮੀਟਰ ਦਰਜ ਕੀਤੀ ਗਈ। ਸੰਘਣੀ ਧੁੰਦ ਕਾਰਨ ਸੜਕੀ ਆਵਾਜਾਈ ਤੋਂ ਲੈ ਕੇ ਹਵਾਈ ਸੇਵਾਵਾਂ ਤੱਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ। ਖ਼ਬਰਾਂ ਮੁਤਾਬਕ ਅੱਜ ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਚਾਰ ਉਡਾਣਾਂ ਰੱਦ ਕਰਨੀ ਪਈਆਂ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਹੁਸ਼ਿਆਰਪੁਰ ਵਿੱਚ ਵੀ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਤੋਂ ਇਲਾਵਾ ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਵਿੱਚ ਕੁਝ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਅਤੇ ਠੰਢੀ ਲਹਿਰ ਚੱਲਣ ਦੀ ਸੰਭਾਵਨਾ ਹੈ, ਜਦਕਿ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਫਿਲਹਾਲ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਸੰਘਣੀ ਧੁੰਦ ਦੌਰਾਨ ਸਾਵਧਾਨੀ ਵਰਤਣ ਅਤੇ ਬਿਨਾਂ ਲੋੜ ਯਾਤਰਾ ਤੋਂ ਪਰਹੇਜ਼ ਕੀਤਾ ਜਾਵੇ।







