ਕੈਬਨਿਟ ਮੰਤਰੀਆਂ ਤੇ ਭਾਜਪਾ ਵਿਧਾਇਕਾਂ ਵਿਚਾਲੇ ਤਿੱਖੀ ਤਕਰਾਰ
ਚੰਡੀਗੜ੍ਹ, 30 ਦਸੰਬਰ 2025 (ਛਤਰਪਾਲ ਸਿੰਘ): ਪੰਜਾਬ ਵਿਧਾਨ ਸਭਾ ਦਾ ਮਨਰੇਗਾ (MGNREGA) ਮੁੱਦੇ ‘ਤੇ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿਆਸੀ ਤਣਾਅ ਦਾ ਕੇਂਦਰ ਬਣ ਗਿਆ। ਸੈਸ਼ਨ ਵਿੱਚ ਸ਼ਾਮਲ ਹੋਣ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਭਾਜਪਾ ਵਿਧਾਇਕਾਂ ਵਿਚਾਲੇ ਤਿੱਖੀ ਬਿਆਨਬਾਜ਼ੀ ਦੇਖਣ ਨੂੰ ਮਿਲੀ, ਜਿਸ ਨਾਲ ਵਿਧਾਨ ਸਭਾ ਕੰਪਲੈਕਸ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ।
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਿਰਫ਼ ਅਰਬਪਤੀਆਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਦੇਸ਼ ਦੇ ਕਰੋੜਾਂ ਗਰੀਬਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਪ੍ਰਧਾਨ ਮੰਤਰੀ ਦੇ ਨਾਮ 10 ਲੱਖ ਚਿੱਠੀਆਂ ਲੈ ਕੇ ਪਹੁੰਚੇ ਹਨ, ਜੋ ਗਰੀਬ ਮਜ਼ਦੂਰਾਂ ਦੀ ਆਵਾਜ਼ ਹਨ। ਅਰੋੜਾ ਨੇ ਸਪੱਸ਼ਟ ਕੀਤਾ ਕਿ ਕੇਂਦਰ ਦੀਆਂ ਇਹ ਨੀਤੀਆਂ ਪੰਜਾਬ ਸਰਕਾਰ ਕਦੇ ਕਬੂਲ ਨਹੀਂ ਕਰੇਗੀ।
ਦੂਜੇ ਪਾਸੇ, ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦੇ ਸਟੈਂਡ ਦੀ ਵਕਾਲਤ ਕਰਦਿਆਂ ਕਿਹਾ ਕਿ ਮਨਰੇਗਾ ਵਿੱਚ ਕੀਤੇ ਜਾ ਰਹੇ ਬਦਲਾਅ ਗਰੀਬਾਂ ਦੇ ਹਿੱਤ ਵਿੱਚ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਬਦਲਾਅ ਮਨਰੇਗਾ ‘ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਵੱਲ ਇੱਕ ਕ੍ਰਾਂਤੀਕਾਰੀ ਕਦਮ ਹਨ। ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ‘VB-G RAM G (G RAM G)’ ਦੀ ਯੋਜਨਾ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਣਾਲੀ ਵਜੋਂ ਪੇਸ਼ ਕੀਤਾ।
ਇਸ ਦੌਰਾਨ ਵਿਧਾਨ ਸਭਾ ਕੰਪਲੈਕਸ ਵਿੱਚ ਇੱਕ ਅਨੋਖਾ ਦ੍ਰਿਸ਼ ਵੀ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਸਰਕਾਰ ਦੇ ਕਈ ਮੰਤਰੀ ਅਤੇ ਵਿਧਾਇਕ ਆਪਣੇ-ਆਪਣੇ ਹਲਕਿਆਂ ਨਾਲ ਸਬੰਧਤ ਮਨਰੇਗਾ ਦੇ ਦਸਤਾਵੇਜ਼ਾਂ ਅਤੇ ਕਾਗਜ਼ਾਂ ਦੀਆਂ ਪੰਡਾਂ ਸਿਰਾਂ ‘ਤੇ ਰੱਖ ਕੇ ਸੈਸ਼ਨ ਵਿੱਚ ਪਹੁੰਚੇ। ਇਸ ਪ੍ਰਤੀਕਾਤਮਕ ਪ੍ਰਦਰਸ਼ਨ ਰਾਹੀਂ ਸਰਕਾਰ ਨੇ ਕੇਂਦਰ ਨੂੰ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਕਿ ਮਨਰੇਗਾ ਨਾਲ ਜੁੜੇ ਮੁੱਦੇ ਹਕੀਕਤ ਵਿੱਚ ਕਿੰਨੇ ਗੰਭੀਰ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅੱਜ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਨਰੇਗਾ ਦੇ ਮੁੱਦੇ ‘ਤੇ ਕੇਂਦਰ ਸਰਕਾਰ ਵਿਰੁੱਧ ਇੱਕ ਅਹਿਮ ਮਤਾ ਪਾਸ ਕਰਨ ਜਾ ਰਹੀ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਤਣਾਅ ਹੋਰ ਵਧਣ ਦੀ ਸੰਭਾਵਨਾ ਹੈ।
