Home ਪਟਿਆਲਾ ਅਪਡੇਟ ਪਟਿਆਲਾ ਵਿੱਚ ਸਿੰਗਲ-ਯੂਜ਼ ਪਲਾਸਟਿਕ ’ਤੇ ਸਖ਼ਤੀ

ਪਟਿਆਲਾ ਵਿੱਚ ਸਿੰਗਲ-ਯੂਜ਼ ਪਲਾਸਟਿਕ ’ਤੇ ਸਖ਼ਤੀ

0

—ਨਿਗਮ ਟੀਮ ਵਲੋਂ 9 ਚਾਲਾਨ ਅਤੇ ਵਪਾਰੀਆਂ ਨੂੰ ਅੱਗੋਂ ਵੀ ਸਾਵਧਾਨ ਰਹਿਣ ਦੀ ਅਪੀਲ

ਪਟਿਆਲਾ, 29 ਦਸੰਬਰ (ਛਤਰਪਾਲ ਸਿੰਘ): ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਪਟਿਆਲਾ ਸ਼ਹਿਰ ਨੂੰ ਪ੍ਰਦੂਸ਼ਣ ਤੋਂ ਮੁਕਤ ਅਤੇ ਹਰਾ-ਭਰਾ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਦਿਆਂ ਨਗਰ ਨਿਗਮ ਪਟਿਆਲਾ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਸਿੰਗਲ-ਯੂਜ਼ ਪਲਾਸਟਿਕ ਦੇ ਇਸਤੇਮਾਲ ਅਤੇ ਵਿਕਰੀ ਖ਼ਿਲਾਫ਼ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਸ਼ਹਿਰ ਵਿੱਚ ਪਲਾਸਟਿਕ ਪ੍ਰਦੂਸ਼ਣ ਰੋਕਣਾ ਅਤੇ ਲੋਕਾਂ ਨੂੰ ਵਾਤਾਵਰਣ-ਮਿਤਰ ਵਿਕਲਪਾਂ ਵੱਲ ਪ੍ਰੇਰਿਤ ਕਰਨਾ ਸੀ।

ਦੱਸਣਯੋਗ ਹੈ ਕਿ ਚੈਕਿੰਗ ਦੌਰਾਨ ਵੱਖ-ਵੱਖ ਬਾਜ਼ਾਰਾਂ ਅਤੇ ਵਪਾਰਿਕ ਖੇਤਰਾਂ ਵਿੱਚ ਸਿੰਗਲ-ਯੂਜ਼ ਪਲਾਸਟਿਕ ਦੇ ਇਸਤੇਮਾਲ, ਸਟੋਰੇਜ ਅਤੇ ਵਿਕਰੀ ਦੀ ਜਾਂਚ ਕੀਤੀ ਗਈ। ਨਿਗਮ ਟੀਮ ਵਲੋਂ ਗੈਰ–ਕਾਨੂੰਨੀ ਤੌਰ ’ਤੇ ਪਲਾਸਟਿਕ ਸਮੱਗਰੀ ਰੱਖਣ ਅਤੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕੁੱਲ 9 ਚਾਲਾਨ ਜਾਰੀ ਕੀਤੇ ਗਏ।

ਇਸ ਮੌਕੇ ਨਿਗਮ ਅਧਿਕਾਰੀ ਇੰਸਪੈਕਟਰ ਮੋਹਿਤ ਜਿੰਦਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਰੀਜਨਲ ਆਫ਼ਿਸ ਪਟਿਆਲਾ ਤੋਂ ਇੰਜ. ਦਵਿੰਦਰ ਸਿੰਘ ਜੇ ਈ ਅਤੇ ਇੰਜ. ਰਵੀ ਕੁਮਾਰ ਜੇ ਈ ਵਿਸ਼ੇਸ਼ ਤੌਰ ਤੇ ਮੌਜੂਦ ਰਹੇ । ਉਨ੍ਹਾਂ ਨੇ ਵਪਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਸਿੰਗਲ-ਯੂਜ਼ ਪਲਾਸਟਿਕ ਦੇ ਵਰਤੋਂਕਾਰ ਨਾ ਬਣਨ ਅਤੇ ਪਲਾਸਟਿਕ ਦੇ ਬਦਲੇ ਕਪੜੇ, ਕਾਗਜ਼ ਅਤੇ ਹੋਰ ਟਿਕਾਊ ਵਿਕਲਪ ਅਪਣਾਏ ਜਾਣ ਦੀ ਪਹਿਲ ਕੀਤੀ ਜਾਵੇ।

ਨਿਗਮ ਅਧਿਕਾਰੀਆਂ ਨੇ ਕਿਹਾ ਕਿ ਸਿੰਗਲ-ਯੂਜ਼ ਪਲਾਸਟਿਕ ਵਾਤਾਵਰਣ ਅਤੇ ਜਨ-ਸਿਹਤ ਲਈ ਗੰਭੀਰ ਖ਼ਤਰਾ ਬਣ ਚੁੱਕਾ ਹੈ। ਇਸ ਲਈ ਵਪਾਰੀਆਂ ਅਤੇ ਨਗਰ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਅਤੇ ਪੀ.ਪੀ.ਸੀ.ਬੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼ਹਿਰ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਵਿੱਚ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਪਟਿਆਲਾ ਨੂੰ ਹੋਰ ਸਾਫ਼-ਸੁਥਰਾ ਅਤੇ ਹਰਾ-ਭਰਾ ਬਣਾਇਆ ਜਾ ਸਕੇ।

ਫੋਟੋ: ਨਿਗਮ ਅਧਿਕਾਰੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਚੈਕਿੰਗ ਦੌਰਾਨ

Exit mobile version