ਆਦਮਪੁਰ: 30 ਦਸੰਬਰ (ਗੁਰਪ੍ਰੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਦੇ ਮੌਕੇ ਸੂਬੇ ਦੇ ਸਾਰੇ ਨਾਗਰਿਕਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਉਹ ਸਾਰੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਣਗੇ।
ਇਸ ਸਬੰਧੀ ਬਲਾਕ ਆਦਮਪੁਰ ਵਿੱਚ 8 ਜਨਵਰੀ ਤੋਂ ਲਾਭਪਾਤਰੀਆਂ ਦੇ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਤੱਕ ਵੱਧ ਤੋਂ ਵੱਧ ਜਾਣਕਾਰੀ ਪਹੁੰਚਾਉਣ ਲਈ ਸੀ.ਐਚ.ਸੀ. ਆਦਮਪੁਰ ਵਿਖੇ ਆਸ਼ਾ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਕਰਵਾਈ ਗਈ।
ਮੀਟਿੰਗ ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਹੋਈ, ਜਿਸ ਦੌਰਾਨ ਆਸ਼ਾ ਵਰਕਰਾਂ ਨੂੰ ਯੋਜਨਾ ਦੇ ਲਾਭ, ਕਾਰਡ ਬਣਾਉਣ ਦੀ ਪ੍ਰਕਿਰਿਆ ਅਤੇ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ।
ਐਸ.ਐਮ.ਓ. ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਯੋਜਨਾ ਤਹਿਤ ਹਰ ਪਿੰਡ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਬੀਮਾ ਕਾਰਡ ਪਿੰਡਾਂ ਵਿੱਚ ਸਥਿਤ ਕਾਮਨ ਸਰਵਿਸ ਸੈਂਟਰਾਂ ਰਾਹੀਂ ਤਿਆਰ ਕੀਤੇ ਜਾਣਗੇ। ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਘਰ-ਘਰ ਜਾ ਕੇ ਨਾਗਰਿਕਾਂ ਨੂੰ ਇਸ ਯੋਜਨਾ ਬਾਰੇ ਜਾਣੂ ਕਰਵਾਉਣ।
ਇਸ ਮੌਕੇ ਡਾ. ਹਰਪ੍ਰੀਤ ਸਿੰਘ ਅਤੇ ਬੀ.ਈ.ਈ. ਚੰਦਨ ਮਿਸ਼ਰਾ ਵੀ ਹਾਜ਼ਰ ਰਹੇ।







