ਜਰਮਨੀ : ਸਿੱਖ ਕੌਮ ਦੀ ਨਿਆਰੀ ਹੋਂਦ ਅਤੇ ਵੱਖਰੀ ਪਛਾਣ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 558 (ਸਾਲ 2026-27) ਨੂੰ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜਰਮਨੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ, ਸਟੁਟਗਾਟ ਵਿਖੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਜਾਰੀ ਕੀਤਾ ਗਿਆ।
ਇਹ ਕੈਲੰਡਰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਚਮਕੌਰ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮਾਂ ਦੌਰਾਨ ਜਾਰੀ ਕੀਤਾ ਗਿਆ। ਇਸ ਮੌਕੇ ‘ਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।
ਪਾਵਨ ਸਮਾਗਮ ਦੌਰਾਨ ਭਾਈ ਸੁਖਦੇਵ ਸਿੰਘ ਜੀ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ਼ਹੀਦੀ ਇਤਿਹਾਸ ਸਾਂਝਾ ਕੀਤਾ। ਐਤਵਾਰ ਦੇ ਦੀਵਾਨ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਉਂਕਾਰ ਸਿੰਘ, ਭਾਈ ਸੁਖਚੈਨ ਸਿੰਘ ਅਤੇ ਭਾਈ ਤਿਰਲੋਕ ਸਿੰਘ ਵੱਲੋਂ ਵਰਲਡ ਸਿੱਖ ਪਾਰਲੀਮੈਂਟ ਦੁਆਰਾ ਤਿਆਰ ਕੀਤਾ ਗਿਆ ਮੂਲ ਨਾਨਕਸ਼ਾਹੀ ਕੈਲੰਡਰ ਸੰਗਤਾਂ ਵਿੱਚ ਵੰਡਿਆ ਗਿਆ।
ਸੰਗਤਾਂ ਨੇ ਇਸ ਉਪਰਾਲੇ ਦੀ ਖੁਲ੍ਹ ਕੇ ਸ਼ਲਾਘਾ ਕਰਦਿਆਂ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਸਿੱਖ ਇਤਿਹਾਸ, ਪਰੰਪਰਾਵਾਂ ਅਤੇ ਪਛਾਣ ਨੂੰ ਸੰਭਾਲਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।
