ਖੰਨਾ, 2 ਜਨਵਰੀ 2026: ਪਾਇਲ ਵਿਧਾਨ ਸਭਾ ਹਲਕੇ ਵਿੱਚ ‘ਆਪ’ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਕੀਤੇ ਗਏ ਕੰਮਾਂ ਨੂੰ ਲੈ ਕੇ ਅਨਾਜ ਮੰਡੀ ਵਿੱਚ ਇੱਕ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ 44 ਨਵੇਂ ਡਾਕਟਰਾਂ ਅਤੇ ਸਿਹਤ ਸਟਾਫ਼ ਦਾ ਸਨਮਾਨ ਕੀਤਾ ਗਿਆ।
ਸਮਾਰੋਹ ਨੂੰ ਸੰਬੋਧਨ ਕਰਦਿਆਂ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ ਅਤੇ ਸਿਹਤ ਖੇਤਰ ਵਿੱਚ ਇਤਿਹਾਸਕ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਬੰਦ ਪਿਆ ਦੋਰਾਹਾ ਸਿਵਲ ਹਸਪਤਾਲ, ਜੋ ਖੰਡਰ ਬਣਦਾ ਜਾ ਰਿਹਾ ਸੀ, ਉੱਥੇ ਡਾਕਟਰਾਂ ਦੀ ਤਾਇਨਾਤੀ ਕਰਕੇ ਮੁੜ ਚਾਲੂ ਕੀਤਾ ਗਿਆ ਹੈ।
ਵਿਧਾਇਕ ਗਿਆਸਪੁਰਾ ਨੇ ਇਹ ਵੀ ਕਿਹਾ ਕਿ ਪਾਇਲ ਸਿਵਲ ਹਸਪਤਾਲ ਦੀ ਲੰਬੇ ਸਮੇਂ ਤੋਂ ਬੰਦ ਪਈ ਮੋਰਚਰੀ ਨੂੰ ਵੀ ਚਾਲੂ ਕਰ ਦਿੱਤਾ ਗਿਆ ਹੈ। ਇਸ ਨਾਲ ਹੁਣ ਪੋਸਟਮਾਰਟਮ ਲਈ ਇਲਾਕੇ ਦੇ ਲੋਕਾਂ ਨੂੰ ਲੁਧਿਆਣਾ ਜਾਣ ਦੀ ਮਜਬੂਰੀ ਖਤਮ ਹੋ ਗਈ ਹੈ, ਜੋ ਆਮ ਲੋਕਾਂ ਲਈ ਵੱਡੀ ਰਾਹਤ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਮਕਸਦ ਹਰ ਨਾਗਰਿਕ ਤੱਕ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।
