ਚੰਡੀਗੜ੍ਹ — ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਗਰੀਬਾਂ ਦੇ ਹਿੱਤ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ‘ਵਿਕਸਤ ਭਾਰਤ ਜੀ ਰਾਮ ਜੀ ਯੋਜਨਾ’ ਸਬੰਧੀ ਜਨ ਜਾਗਰੂਕਤਾ ਵਧਾਉਣ ਲਈ ਪਾਰਟੀ 7 ਜਨਵਰੀ 2026 ਤੋਂ ਸੂਬਾ ਪੱਧਰੀ ਅਭਿਆਨ ਸ਼ੁਰੂ ਕਰੇਗੀ। ਇਸ ਅਭਿਆਨ ਦੀ ਸ਼ੁਰੂਆਤ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾਵੇਗੀ।
ਇੱਥੋਂ ਜਾਰੀ ਬਿਆਨ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ‘ਸਭ ਦਾ ਸਾਥ, ਸਭ ਦਾ ਵਿਕਾਸ’ ਦੀ ਨੀਤੀ ‘ਤੇ ਅੱਗੇ ਵੱਧ ਰਹੀ ਹੈ ਅਤੇ ਇਹ ਯੋਜਨਾ ਵੀ ਗਰੀਬ ਵਰਗ ਦੀ ਭਲਾਈ ਲਈ ਉਸੇ ਦ੍ਰਿਸ਼ਟੀਕੋਣ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਗਰੀਬਾਂ ਲਈ ਰੋਜ਼ਗਾਰ ਦੇ ਦਿਨ 100 ਤੋਂ ਵਧਾ ਕੇ 125 ਕਰ ਦਿੱਤੇ ਹਨ, ਨਾਲ ਹੀ ਨਵੀਂ ਯੋਜਨਾ ਤਹਿਤ ਮਜ਼ਦੂਰਾਂ ਨੂੰ ਕੰਮ ਨਾ ਮੁਹੱਈਆ ਕਰਵਾਉਣ ਦੀ ਸਥਿਤੀ ਵਿੱਚ ਜਿੰਮੇਵਾਰੀ ਵੀ ਤੈਅ ਕੀਤੀ ਗਈ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਇਸ ਯੋਜਨਾ ਨਾਲ ਭ੍ਰਿਸ਼ਟਾਚਾਰ ‘ਤੇ ਰੋਕ ਲੱਗੇਗੀ ਅਤੇ ਮਜ਼ਦੂਰੀ ਦੀ ਪੂਰੀ ਰਕਮ ਸਿੱਧੀ ਮਜ਼ਦੂਰਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਇਸੀ ਕਾਰਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਸ ਗਰੀਬ-ਪੱਖੀ ਯੋਜਨਾ ਦਾ ਵਿਰੋਧ ਕਰ ਰਹੀਆਂ ਹਨ ਅਤੇ ਸਮਾਜ ਵਿੱਚ ਇਸ ਖ਼ਿਲਾਫ਼ ਝੂਠਾ ਪ੍ਰਚਾਰ ਫੈਲਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਚਲਾਏ ਜਾਣ ਵਾਲੇ ਇਸ ਅਭਿਆਨ ਦੌਰਾਨ ਆਪ ਅਤੇ ਕਾਂਗਰਸ ਵੱਲੋਂ ਫੈਲਾਏ ਜਾ ਰਹੇ ਭਰਮਾਂ ਦੀ ਪੋਲ ਖੋਲ੍ਹੀ ਜਾਵੇਗੀ ਅਤੇ ਮਜ਼ਦੂਰਾਂ ਨੂੰ ਯੋਜਨਾ ਦੀ ਅਸਲ ਸੱਚਾਈ ਨਾਲ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮਜ਼ਦੂਰਾਂ ਨੂੰ 100 ਦਿਨ ਦਾ ਰੋਜ਼ਗਾਰ ਨਾ ਮਿਲਣ ‘ਤੇ ਕਿਸੇ ਦੀ ਜਿੰਮੇਵਾਰੀ ਤੈਅ ਨਹੀਂ ਹੁੰਦੀ ਸੀ, ਪਰ ਨਵੇਂ ਕਾਨੂੰਨ ਅਧੀਨ ਹੁਣ ਇਹ ਜਿੰਮੇਵਾਰੀ ਸਪੱਸ਼ਟ ਹੋਵੇਗੀ ਅਤੇ ਗਰੀਬਾਂ ਦਾ ਹੱਕ ਮਾਰਿਆ ਨਹੀਂ ਜਾ ਸਕੇਗਾ।
ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਆਪ ਸਰਕਾਰ ਆਪਣੀਆਂ ਨਾਕਾਮੀਆਂ ‘ਤੇ ਪਰਦਾ ਪਾਉਣ ਅਤੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਇਸ ਯੋਜਨਾ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰ ਰਹੀ ਹੈ, ਪਰ ਭਾਜਪਾ ਵਿਆਪਕ ਜਨ ਜਾਗਰੂਕਤਾ ਪ੍ਰੋਗਰਾਮ ਰਾਹੀਂ ਇਸ ਭਰਮ ਜਾਲ ਨੂੰ ਤੋੜੇਗੀ।







