Homeਪੰਜਾਬਪੰਜਾਬ ਕਾਂਗਰਸ ਵਿੱਚ 2027 ਤੋਂ ਪਹਿਲਾਂ ਹਿਲਜੁਲ, 80 ਸੀਟਾਂ ‘ਤੇ ਨਵੇਂ ਚਿਹਰੇ

ਪੰਜਾਬ ਕਾਂਗਰਸ ਵਿੱਚ 2027 ਤੋਂ ਪਹਿਲਾਂ ਹਿਲਜੁਲ, 80 ਸੀਟਾਂ ‘ਤੇ ਨਵੇਂ ਚਿਹਰੇ

ਸੀਐੱਮ ਚਿਹਰੇ ‘ਤੇ ਵੜਿੰਗ ਦਾ ਸਪਸ਼ਟ ਸੰਦੇਸ਼

ਚੰਡੀਗੜ੍ਹ: 3 ਜਨਵਰੀ ਛਤਰਪਾਲ ਸਿੰਘ ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਤਾਜ਼ਾ ਬਿਆਨ ਨੇ ਪਾਰਟੀ ਅੰਦਰ ਹਲਚਲ ਮਚਾ ਦਿੱਤੀ ਹੈ। ਵੜਿੰਗ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ 117 ਵਿੱਚੋਂ ਕਰੀਬ 80 ਸੀਟਾਂ ‘ਤੇ ਨਵੇਂ ਚਿਹਰਿਆਂ ਨੂੰ ਟਿਕਟ ਦਿੱਤੀ ਜਾਵੇਗੀ ਅਤੇ 2022 ਵਿੱਚ ਚੋਣ ਲੜਨ ਵਾਲੇ ਕਈ ਆਗੂਆਂ ਦੀਆਂ ਟਿਕਟਾਂ ਕੱਟੀਆਂ ਜਾਣਗੀਆਂ।

ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਰਾਜਾ ਵੜਿੰਗ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ “ਸੈਲਫ ਡਿਕਲੇਅਰਡ ਬੰਦਾ ਸੀਐੱਮ ਨਹੀਂ ਬਣੇਗਾ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ ਦਾ ਅਧਿਕਾਰ ਸਿਰਫ਼ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਕੋਲ ਹੈ ਅਤੇ ਫੈਸਲਾ ਵੀ ਉਹੀ ਕਰਨਗੇ।

ਰਾਜਾ ਵੜਿੰਗ ਦੇ ਇਸ ਬਿਆਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨਮੋਹਨ ਸਿੰਘ ਨੇ ਵੀ ਵੜਿੰਗ ਦੇ ਰੁਖ਼ ਦਾ ਸਮਰਥਨ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਆਪਣੇ ਆਪ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰਨਾ ਗਲਤ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਈ ਆਗੂਆਂ ਵੱਲੋਂ ਆਪਣੇ-ਆਪਣੇ ਹਲਕਿਆਂ ਵਿੱਚ ਜਿੱਤ ਦੇ ਅੰਕੜੇ ਸੋਸ਼ਲ ਮੀਡੀਆ ਰਾਹੀਂ ਸਾਂਝੇ ਕਰਕੇ ਖੁਦ ਨੂੰ ਸੀਐੱਮ ਦਾਅਵੇਦਾਰ ਵਜੋਂ ਪੇਸ਼ ਕੀਤਾ ਗਿਆ।

ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਹਲਕੇ ਵਿੱਚ ਕਾਂਗਰਸ ਦੀ ਕਲੀਨ ਸਵੀਪ ਦਾ ਦਾਅਵਾ ਕੀਤਾ ਗਿਆ, ਜਦਕਿ ਰਾਜਾ ਵੜਿੰਗ ਦੇ ਜ਼ਿਲ੍ਹੇ ਮੁਕਤਸਰ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਨਾਲ ਪਾਰਟੀ ਅੰਦਰ ਧੜਾਬੰਦੀ ਹੋਰ ਉਭਰ ਕੇ ਸਾਹਮਣੇ ਆਈ ਹੈ।

ਜ਼ਿਕਰਯੋਗ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਪੰਜਾਬ ਕਾਂਗਰਸ ਅੰਦਰ ਚੰਨੀ ਅਤੇ ਵੜਿੰਗ ਧੜਿਆਂ ਵਿੱਚ ਖਿੱਚੋਤਾਣ ਚੱਲ ਰਹੀ ਹੈ। ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਦੋਵੇਂ ਧੜਿਆਂ ਦੇ ਆਗੂ ਆਪਣੇ-ਆਪਣੇ ਹਲਕਿਆਂ ਵਿੱਚ ਵਿਧਾਨ ਸਭਾ ਚੋਣਾਂ ਲਈ ਦਾਅਵੇਦਾਰ ਵਜੋਂ ਸਰਗਰਮ ਹਨ ਅਤੇ ਉਨ੍ਹਾਂ ਦੇ ਸਮਰਥਕ ਸੋਸ਼ਲ ਮੀਡੀਆ ਤੇ ਜਨਤਕ ਮੰਚਾਂ ‘ਤੇ ਆਪਣੇ ਨੇਤਾਵਾਂ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰ ਰਹੇ ਹਨ।

ਇਸੇ ਕੜੀ ਵਿੱਚ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਵੀ ਇਹ ਕਿਹਾ ਗਿਆ ਕਿ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਸੀਐੱਮ ਚਿਹਰਾ ਬਣਾਇਆ ਜਾਂਦਾ ਹੈ ਤਾਂ ਉਹ ਪਾਰਟੀ ਲਈ ਪੂਰੀ ਤਰ੍ਹਾਂ ਕੰਮ ਕਰਨਗੇ, ਹਾਲਾਂਕਿ ਇਸ ਬਿਆਨ ‘ਤੇ ਕਾਂਗਰਸ ਦੇ ਕਈ ਆਗੂਆਂ ਨੇ ਇਤਰਾਜ਼ ਜਤਾਇਆ ਸੀ।

ਗੌਰਤਲਬ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ ਸੀ, ਪਰ ਕਾਂਗਰਸ ਪਾਰਟੀ ਸਿਰਫ਼ 18 ਸੀਟਾਂ ਹੀ ਜਿੱਤ ਸਕੀ ਸੀ ਅਤੇ ਚੰਨੀ ਭਦੌੜ ਤੇ ਚਮਕੌਰ ਸਾਹਿਬ ਦੋਵੇਂ ਸੀਟਾਂ ਤੋਂ ਚੋਣ ਹਾਰ ਗਏ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments