ਪੰਜਾਬ ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਰੀਦਕੋਟ 5.5 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ।
ਸਵੇਰੇ ਸਮੇਂ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਕਾਫ਼ੀ ਘੱਟ ਰਹੀ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ, ਫਰੀਦਕੋਟ ਵਿੱਚ 30 ਮੀਟਰ, ਲੁਧਿਆਣਾ ਵਿੱਚ 500 ਮੀਟਰ ਅਤੇ ਪਟਿਆਲਾ ਵਿੱਚ 800 ਮੀਟਰ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ।
ਪਹਾੜੀ ਇਲਾਕਿਆਂ ਤੋਂ ਠੰਢੀਆਂ ਹਵਾਵਾਂ ਵਗਣ ਕਾਰਨ ਤਾਪਮਾਨ ਹੋਰ ਘਟਣ ਦੀ ਸੰਭਾਵਨਾ ਹੈ ਅਤੇ ਸ਼ੀਤ ਲਹਿਰ ਦੀ ਸਥਿਤੀ ਬਣੀ ਰਹੇਗੀ। ਹਾਲੀਆ ਮੀਂਹ ਨਾਲ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਆਇਆ ਹੈ ਅਤੇ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ. ਨਗਰ (ਮੁਹਾਲੀ) ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਛਾਈ ਰਹੇਗੀ।
ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਵਿੱਚ ਸ਼ੀਤ ਲਹਿਰ ਦੀ ਸਥਿਤੀ ਬਣੀ ਰਹੇਗੀ। ਪੰਜਾਬ ਅਤੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 11 ਤੋਂ 18 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।








