Home ਪੰਜਾਬ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ

0

ਨਸ਼ਾ ਮੁਕਤ ਪੰਜਾਬ ਬਣਾਉਣ ਦਾ ਟੀਚਾ — ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ: 4 ਜਨਵਰੀ (ਛਤਰਪਾਲ ਸਿੰਘ) : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਇਹ ਐਲਾਨ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ।

ਮੋਹਾਲੀ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼ ਲਈ ਕਰਵਾਏ ਗਏ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਕਿਹਾ ਕਿ ਮੁਹਿੰਮ ਦੇ ਪਹਿਲੇ ਚਰਨ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਹੁਣ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਦੂਜੇ ਚਰਨ ਦੌਰਾਨ ਉਹ ਨੌਜਵਾਨ, ਜੋ ਪਹਿਲਾਂ ਨਸ਼ਿਆਂ ਦੇ ਸ਼ਿਕਾਰ ਰਹੇ ਹਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਵਕਤਾ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਗੇ।

ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਸਥਾਨਕ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਮੁਹਿੰਮ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਸਚੇਤ ਕੀਤਾ ਜਾਵੇਗਾ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਹਿਲੇ ਪੜਾਅ ਦੌਰਾਨ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਭੇਜਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਖ਼ਿਲਾਫ਼ ਦੂਜੇ ਚਰਨ ਵਿੱਚ ਹੋਰ ਕਰੜੀ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਰਾਹੀਂ ਫੀਲਡ ਸਟਾਫ਼ ਦੀ ਸਮਰੱਥਾ ਵਧਾਉਣ, ਪੰਚਾਇਤਾਂ ਨੂੰ ਮਜ਼ਬੂਤ ਕਰਨ ਅਤੇ ਆਮਦਨ ਵਧਾਉਣ ਲਈ ਸਰੋਤ ਵਿਕਸਤ ਕਰਨ ‘ਤੇ ਵੀ ਖ਼ਾਸ ਧਿਆਨ ਦਿੱਤਾ ਗਿਆ ਹੈ। ਇੱਕ ਦਿਨਾਂ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਫੀਲਡ ਕਰਮਚਾਰੀ ਹਾਜ਼ਰ ਰਹੇ।

Exit mobile version