Home ਪੰਜਾਬ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿੱਚ ਵਿਕਾਸ ਕਾਰਜ ਤੇ ਲੋਕ...

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿੱਚ ਵਿਕਾਸ ਕਾਰਜ ਤੇ ਲੋਕ ਸਮੱਸਿਆਵਾਂ ਦਾ ਤੁਰੰਤ ਹੱਲ — ਮਾਨਿਕ ਮਹਿਤਾ

0

ਬਟਾਲਾ, 7 ਜਨਵਰੀ 2026:
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਸੁਣ ਕੇ ਹੱਲ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਨੇ ਆਪਣੇ ਗ੍ਰਹਿ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ।

ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਇਕ ਪਾਸੇ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਲੋਕਾਂ ਦੀਆਂ ਰੋਜ਼ਮਰਾ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮਹਿਜ ਚਾਰ ਸਾਲਾਂ ਵਿੱਚ ਬਟਾਲਾ ਸ਼ਹਿਰ ਵਿੱਚ ਕਈ ਇਤਿਹਾਸਕ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ।

ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਸਦਾ ਇਹੀ ਕੋਸ਼ਿਸ਼ ਰਹੀ ਹੈ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬਟਾਲਾ ਵਿੱਚ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ, ਜਿੱਥੇ ਹੁਣ ਲੋਕਾਂ ਨੂੰ ਇਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਸੜਕਾਂ ਨੂੰ ਚੌੜਾ ਕਰਨ ਦੇ ਨਾਲ-ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਖੂਬਸੂਰਤ ਪਾਰਕ ਤਿਆਰ ਕੀਤੇ ਗਏ ਹਨ ਅਤੇ ਕਈ ਚੌਂਕਾਂ ਨੂੰ ਚੌੜਾ ਕਰਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ ਹੈ।

ਚੇਅਰਮੈਨ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲ ਚੁੱਕੀ ਹੈ ਅਤੇ ਕੀਤੇ ਗਏ ਵਿਕਾਸ ਕੰਮ ਅੱਜ ਸਪੱਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ।

Exit mobile version