ਚੰਡੀਗੜ੍ਹ: 7 ਜਨਵਰੀ 2026 (ਚੌਧਰੀ ਪ੍ਰਭਜੀਤ ਸਿੰਘ) : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਬਲਤੇਜ ਪੰਨੂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਜਥੇਦਾਰ ਸਾਹਿਬ ਵੱਲੋਂ ਆਖੀ ਹਰ ਗੱਲ ਉਨ੍ਹਾਂ ਲਈ ਸਿਰ ਮੱਥੇ ‘ਤੇ ਹੈ ਅਤੇ ਸਰਕਾਰ ਸਿੱਖ ਸੰਵੇਦਨਸ਼ੀਲ ਮਸਲਿਆਂ ਪ੍ਰਤੀ ਪੂਰੀ ਗੰਭੀਰਤਾ ਨਾਲ ਪੇਸ਼ ਆ ਰਹੀ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਵਿੱਚ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਇਆ ਜਾਵੇਗਾ, ਤਾਂ ਜੋ ਭਵਿੱਖ ਵਿੱਚ ਅਜਿਹੇ ਅਪਰਾਧ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ ਸਾਫ਼ ਹੈ ਅਤੇ ਨਿਆਂ ਯਕੀਨੀ ਬਣਾਉਣਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਪੰਨੂ ਨੇ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਮਸਲਿਆਂ ‘ਤੇ ਕੋਈ ਰਾਜਨੀਤੀ ਨਹੀਂ ਕੀਤੀ ਜਾਵੇਗੀ ਅਤੇ ਪੰਥਕ ਮਰਿਆਦਾਵਾਂ ਅਤੇ ਕਾਨੂੰਨੀ ਪ੍ਰਕਿਰਿਆ ਦੋਹਾਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ।
ਬਲਤੇਜ ਪੰਨੂ ਦੇ ਇਸ ਬਿਆਨ ਨੂੰ ਸਿਆਸੀ ਅਤੇ ਪੰਥਕ ਹਲਕਿਆਂ ਵਿੱਚ ਖ਼ਾਸ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ।
