ਚੰਡੀਗੜ੍ਹ: 7 ਜਨਵਰੀ 2026 (ਛਤਰਪਾਲ ਸਿੰਘ) : ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਕਿਹਾ ਹੈ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਹਿਲੇ ਪੜਾਅ ਨੇ ਸ਼ਾਨਦਾਰ ਨਤੀਜੇ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਹੀ ਦਿਸ਼ਾ ਵਿੱਚ ਅੱਗੇ ਵਧ ਰਹੀ ਹੈ। ਉਨ੍ਹਾਂ ਆਖਿਆ ਕਿ ਕੁਝ ਲੋਕ ਸ਼ੁਰੂ ਤੋਂ ਹੀ ਕਹਿੰਦੇ ਰਹੇ ਕਿ ਇਹ ਯੁੱਧ ਫੇਲ੍ਹ ਹੋ ਗਿਆ ਹੈ, ਪਰ ਅਸਲ ਨਤੀਜਿਆਂ ਨੇ ਉਨ੍ਹਾਂ ਦੇ ਦਾਵਿਆਂ ਨੂੰ ਗਲਤ ਸਾਬਤ ਕਰ ਦਿੱਤਾ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਪਹਿਲੇ ਪੜਾਅ ਦੌਰਾਨ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ, ਜਿਸ ਨਾਲ ਨਸ਼ਿਆਂ ਦੇ ਜਾਲ ਨੂੰ ਤੋੜਨ ਵਿੱਚ ਕਾਮਯਾਬੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਨਾਲ ਹਜ਼ਾਰਾਂ ਤਸਕਰ ਗ੍ਰਿਫ਼ਤਾਰ ਕੀਤੇ ਗਏ ਅਤੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਹੋਏ।
ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਰੁਜ਼ਗਾਰ ਅਤੇ ਜਨ-ਸਹਿਭਾਗਤਾ ‘ਤੇ ਹੋਰ ਜ਼ੋਰ ਦਿੱਤਾ ਜਾਵੇਗਾ। ਪੰਨੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਆਪਣੇ ਵਾਅਦੇ ‘ਤੇ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।







