ਚੰਡੀਗੜ੍ਹ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰੂਪਨਗਰ ਨਾਲ ਸਬੰਧਤ ਇਕ ਮਾਮਲੇ ਵਿੱਚ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਦੇ ਦੋਸ਼ਾਂ ਹੇਠ ਰੂਪਨਗਰ ਦੇ ਐਸ.ਪੀ. ਨੂੰ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਦੇ ਨੇੜੇ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਥਿਤ ਚਰਨ ਛੋਹ ਗੰਗਾ ਅੰਮ੍ਰਿਤ ਕੁੰਡ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਵੱਲੋਂ ਡੀ.ਐਸ.ਪੀ. ਨੰਗਲ ਅਮਨਦੀਪ ਸਿੰਘ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਸਬੰਧੀ ਕਮਿਸ਼ਨ ਵੱਲੋਂ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਸਨ।
ਚੇਅਰਮੈਨ ਨੇ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਕਰਵਾ ਕੇ ਤੱਥਾਂ ਸਮੇਤ ਵਿਸਥਾਰਪੂਰਕ ਰਿਪੋਰਟ ਦੋ ਪ੍ਰਤੀਆਂ (ਇੱਕ ਅਸਲ ਅਤੇ ਇੱਕ ਫੋਟੋ ਕਾਪੀ) ਵਿੱਚ ਕਮਿਸ਼ਨ ਕੋਲ ਪੇਸ਼ ਕਰਨ ਲਈ ਕਿਹਾ ਗਿਆ ਸੀ, ਪਰ ਨਿਰਧਾਰਤ ਸਮੇਂ ਅੰਦਰ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ।
ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਸ਼ਨ ਨੇ ਹੁਕਮ ਜਾਰੀ ਕਰਦਿਆਂ ਐਸ.ਪੀ. (ਡੀ) ਰੂਪਨਗਰ ਸ੍ਰੀ ਗੁਰਦੀਪ ਸਿੰਘ ਗੋਸਲ ਨੂੰ ਮਿਤੀ 14 ਜਨਵਰੀ 2026 ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਵਿੱਚ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਤੱਥਾਂ ਅਤੇ ਸਬੰਧਤ ਸੂਚਨਾ ਸਮੇਤ ਰਿਪੋਰਟ ਪੇਸ਼ ਕਰਨ ਲਈ ਤਲਬ ਕੀਤਾ ਹੈ।
ਸ. ਜਸਵੀਰ ਸਿੰਘ ਗੜ੍ਹੀ ਨੇ ਸਪਸ਼ਟ ਕੀਤਾ ਕਿ ਅਨੁਸੂਚਿਤ ਜਾਤੀਆਂ ਨਾਲ ਜੁੜੇ ਮਾਮਲਿਆਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਮਿਸ਼ਨ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਨਿਭਾਉਂਦਿਆਂ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ ਹੈ।
