ਫਗਵਾੜਾ: 8 ਜਨਵਰੀ (ਛਤਰਪਾਲ ਸਿੰਘ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਫਗਵਾੜਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਦਾ ਰਸਮੀ ਉਦਘਾਟਨ ਕੀਤਾ ਗਿਆ।
ਇਸ ਮੌਕੇ ਦੱਸਿਆ ਗਿਆ ਕਿ ਮੁਹਿੰਮ ਦੇ ਪਹਿਲੇ ਪੜਾਅ (Phase-1) ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਛੋਟੇ ਤੋਂ ਲੈ ਕੇ ਵੱਡੇ ਮਗਰਮੱਛਾਂ ਤੱਕ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਅਨੇਕਾਂ ਦੋਸ਼ੀ ਇਸ ਸਮੇਂ ਜੇਲ੍ਹਾਂ ਵਿੱਚ ਹਨ, ਕਈ ਪੰਜਾਬ ਛੱਡ ਕੇ ਫਰਾਰ ਹੋ ਚੁੱਕੇ ਹਨ ਅਤੇ ਕਈਆਂ ਨੇ ਨਸ਼ਿਆਂ ਦਾ ਕਾਲਾ ਧੰਦਾ ਸਦਾ ਲਈ ਤਿਆਗ ਦਿੱਤਾ ਹੈ।
ਪੰਜਾਬ ਸਰਕਾਰ ਵੱਲੋਂ ਨਸ਼ਾ ਸਮਗਲਰਾਂ ਦੇ ਗੈਰਕਾਨੂੰਨੀ ਤੌਰ ’ਤੇ ਬਣੇ ਮਕਾਨ ਵੀ ਢਾਹੇ ਜਾ ਰਹੇ ਹਨ। ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਇਹ ਮੁਹਿੰਮ ਉਸ ਵੇਲੇ ਤੱਕ ਲਗਾਤਾਰ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨੂੰ ਪੂਰਨ ਤੌਰ ’ਤੇ ਨਸ਼ਾ-ਮੁਕਤ ਨਹੀਂ ਬਣਾਇਆ ਜਾਂਦਾ।
ਉਦਘਾਟਨੀ ਸਮਾਗਮ ਦੌਰਾਨ ਤਰੁਣਪ੍ਰੀਤ ਸਿੰਘ ਸੌਂਧ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਅਮਨ ਅਰੋੜਾ ਸਮੇਤ ਆਮ ਆਦਮੀ ਪਾਰਟੀ ਦੇ ਕਈ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਰਹੇ।







