– ਸ਼ਹਿਰ ਵਾਸੀਆਂ ਨੂੰ ਚੰਗੀਆਂ ਸੁਵਿਧਾਵਾਂ ਦੇਣ ਲਈ ਅਜਿਹੇ ਕਦਮ ਚੁੱਕਣ ਦੀ ਮੁਢਲੀ ਜਰੂਰਤ – ਮੇਅਰ
ਪਟਿਆਲਾ 9 ਜਨਵਰੀ (ਪ੍ਰਭਜੋਤ ਸਿੰਘ): ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਬਿਨਾਂ ਅਧਿਕਾਰਕ ਮਨਜ਼ੂਰੀ ਤੋਂ ਲਏ ਗਏ ਪਾਣੀ ਅਤੇ ਸੀਵਰੇਜ ਕਨੈਕਸ਼ਨਾਂ ਖ਼ਿਲਾਫ਼ ਵੱਡੀ ਮੁਹਿੰਮ ਚਲਾਉਣ ਦੀ ਮੇਅਰ ਕੁੰਦਨ ਗੋਗੀਆ ਵੱਲੋਂ ਤਿਆਰੀ ਮੁਕੰਮਲ ਕਰ ਲਈ ਗਈ ਹੈ । ਮੇਅਰ ਕੁੰਦਨ ਗੋਗੀਆ ਨੇ ਸਪਸ਼ਟ ਕੀਤਾ ਹੈ ਕਿ ਜਿਨ੍ਹਾਂ ਵਿਅਕਤੀਆਂ ਨੇ ਬਿਨਾਂ ਪਰਮਿਸ਼ਨ ਜਾਂ ਗੈਰਕਾਨੂੰਨੀ ਤਰੀਕੇ ਨਾਲ ਪਾਣੀ ਅਤੇ ਸੀਵਰੇਜ ਦੇ ਕਨੈਕਸ਼ਨ ਲਏ ਹੋਏ ਹਨ, ਉਹ 10 ਦਿਨਾਂ ਦੇ ਅੰਦਰ ਅੰਦਰ ਆਪਣੇ ਕਨੈਕਸ਼ਨਾਂ ਨੂੰ ਰੈਗੂਲਾਈਜ਼ ਕਰਵਾ ਲੈਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੇਅਰ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਹਰ ਵਾਸੀ ਨੂੰ ਸਾਫ਼ ਪਾਣੀ ਅਤੇ ਸੁਚੱਜੀ ਸੀਵਰੇਜ ਸੇਵਾ ਪ੍ਰਦਾਨ ਕਰਨ ਲਈ ਵਚਨਬੱਧ ਹੈ, ਪਰ ਗੈਰਕਾਨੂੰਨੀ ਕਨੈਕਸ਼ਨ ਨਾ ਸਿਰਫ਼ ਪ੍ਰਣਾਲੀ ’ਤੇ ਬੋਝ ਪਾਂਦੇ ਹਨ, ਸਗੋਂ ਕਾਨੂੰਨੀ ਤੌਰ ’ਤੇ ਕਨੈਕਸ਼ਨ ਲੈਣ ਵਾਲੇ ਉਪਭੋਗਤਾਵਾਂ ਨਾਲ ਨਿਆਂਹੀਨਤਾ ਵੀ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਮੁਹਿੰਮ ਕਿਸੇ ਨੂੰ ਤੰਗ ਕਰਨ ਲਈ ਨਹੀਂ, ਸਗੋਂ ਪ੍ਰਣਾਲੀ ਨੂੰ ਸੁਧਾਰਨ ਅਤੇ ਰਿਕਾਰਡ ਨੂੰ ਦਰੁਸਤ ਕਰਨ ਲਈ ਚਲਾਈ ਜਾ ਰਹੀ ਹੈ।
ਇਸ ਮੌਕੇ ਮੇਅਰ ਨੇ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਨੋਟਿਸ ਜਾਰੀ ਕਰਕੇ ਲੋਕਾਂ ਨੂੰ ਸੂਚਿਤ ਕੀਤਾ ਜਾਵੇ ਅਤੇ ਕਨੈਕਸ਼ਨ ਸ਼ਿਫਟ ਕਰਨ ਦੀ ਪ੍ਰਕਿਰਿਆ ਸੌਖੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਨਾਗਰਿਕ ਨਗਰ ਨਿਗਮ ਦੇ ਮੇਨ ਦਫ਼ਤਰ ਜਾਂ ਵਾਟਰ ਸਪਲਾਈ ਸ਼ਾਖਾ ਵਿੱਚ ਜਾ ਕੇ ਆਪਣੀ ਅਰਜ਼ੀ ਦੇ ਸਕਦੇ ਹਨ, ਜਿੱਥੇ ਉਨ੍ਹਾਂ ਨੂੰ ਪੂਰੀ ਮਦਦ ਪ੍ਰਦਾਨ ਕੀਤੀ ਜਾਵੇਗੀ।
ਸੀਨੀਅਰ ਚੀਫ ਜੇ. ਪੀ. ਸਿੰਘ ਅਤੇ ਸੁਪਰਡੈਂਟ ਲਵਨੀਸ਼ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਹੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਮੁਤਾਬਕ ਜਿਨ੍ਹਾਂ ਥਾਵਾਂ ’ਤੇ ਗੈਰਕਾਨੂੰਨੀ ਕਨੈਕਸ਼ਨ ਪਾਏ ਜਾਣਗੇ, ਉਨ੍ਹਾਂ ਨੂੰ ਕਾਨੂੰਨੀ ਬਣਵਾਉਣ ਲਈ 10 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਸਮਾਂ-ਸੀਮਾ ਪੂਰੀ ਹੋਣ ਉਪਰੰਤ ਕਨੈਕਸ਼ਨ ਕੱਟਣ ਦੇ ਨਾਲ-ਨਾਲ ਜੁਰਮਾਨਾ ਅਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।
ਮੇਅਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਨਾਲ ਸਹਿਯੋਗ ਕਰਨ ਅਤੇ ਆਪਣੇ ਕਨੈਕਸ਼ਨ ਨਿਯਮਾਂ ਅਨੁਸਾਰ ਰੇਗੁਲਾਈਜ ਕਰਵਾਉਣ ਤਾਂ ਜੋ ਸਾਰੇ ਨਾਗਰਿਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੁਵਿਧਾਵਾਂ ਮਿਲ ਸਕਣ।
ਫੋਟੋ : ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਅਧਿਕਾਰੀ







