Home ਪੰਜਾਬ ਅੰਮ੍ਰਿਤਸਰ ਵਿੱਚ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ ਵਿੱਚ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

0

ਅੰਮ੍ਰਿਤਸਰ — ਅੰਮ੍ਰਿਤਸਰ ਦੇ ਕਰੀਬ 8 ਤੋਂ 10 ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ। ਜੰਡਿਆਲਾ ਗੁਰੂ ਦੇ ਪਿੰਡ ਮਿਹਰਬਾਨਪੁਰਾ ਸਥਿਤ ਸਰਕਾਰੀ ਹਾਈ ਸਕੂਲ ਦੀ ਈ-ਮੇਲ ਆਈਡੀ ’ਤੇ ਧਮਾਕਾ ਕਰਨ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਧਮਕੀ ਮਿਲਦੇ ਹੀ ਸਕੂਲ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਆਪਣੇ-ਆਪਣੇ ਘਰ ਭੇਜ ਦਿੱਤਾ ਗਿਆ। ਇਸੇ ਤਰ੍ਹਾਂ, ਇਸ ਤੋਂ ਪਹਿਲਾਂ ਨਿਊ ਡੀ.ਐਨ. ਮਾਡਲ ਸਕੂਲ ਅਤੇ ਕੈਂਬ੍ਰਿਜ਼ ਸਕੂਲ ਨੂੰ ਵੀ ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਸਾਹਮਣੇ ਆਈ ਸੀ। ਇਨ੍ਹਾਂ ਸਕੂਲਾਂ ਨੂੰ ਵੀ ਐਤਿਹਾਤਨ ਤੌਰ ’ਤੇ ਖਾਲੀ ਕਰਵਾ ਦਿੱਤਾ ਗਿਆ।

ਸੂਚਨਾ ਮਿਲਣ ਉਪਰੰਤ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਸਕੂਲ ਪ੍ਰੰਗਣ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਬੰਬ ਨਿਰੋਧਕ ਦਸਤੇ ਅਤੇ ਹੋਰ ਵਿਸ਼ੇਸ਼ ਟੀਮਾਂ ਵੱਲੋਂ ਵੀ ਜਾਂਚ ਜਾਰੀ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ ਧਮਕੀ ਭਰੀਆਂ ਈ-ਮੇਲਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਭੇਜਣ ਵਾਲਿਆਂ ਦੀ ਪਛਾਣ ਲਈ ਸਾਇਬਰ ਟੀਮ ਦੀ ਮਦਦ ਲਈ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸੇ ਵੀ ਅਫ਼ਵਾਹ ’ਤੇ ਧਿਆਨ ਨਾ ਦਿੱਤਾ ਜਾਵੇ।

Exit mobile version