ਅਜਨਾਲਾ (ਅੰਮ੍ਰਿਤਸਰ), 19 ਜਨਵਰੀ 2026—
ਕੌਮਾਂਤਰੀ ਸਰਹੱਦ ਨਾਲ ਲੱਗਦੇ ਅਜਨਾਲਾ ਹਲਕੇ ਦੇ ਪਿੰਡ ਬਕਰੌਰ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਅਤੇ ਵੋਕੇਸ਼ਨਲ ਸਿਖਲਾਈ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਕਾਮੀਆਂ ਕਾਰਨ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਿੱਖਿਆ ਲਈ ਵਿਦੇਸ਼ਾਂ ਵੱਲ ਜਾਣਾ ਪਿਆ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਲਜ ਸਰਹੱਦੀ ਖੇਤਰ ਦੇ ਨੌਜਵਾਨਾਂ ਲਈ ਉੱਚ ਸਿੱਖਿਆ ਦੇ ਦਰਵਾਜ਼ੇ ਖੋਲ੍ਹੇਗਾ ਅਤੇ ਇਲਾਕੇ ਦੇ 50 ਤੋਂ ਵੱਧ ਪਿੰਡਾਂ ਨੂੰ ਸਿੱਧਾ ਲਾਭ ਪਹੁੰਚਾਵੇਗਾ। 15 ਏਕੜ ਵਿੱਚ ਬਣਨ ਵਾਲੇ ਇਸ ਕਾਲਜ ਵਿੱਚ ਆਰਟਸ, ਸਾਇੰਸ, ਕਾਮਰਸ, ਕੰਪਿਊਟਰ ਵਿਗਿਆਨ, ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਿਜੀਟਲ ਸਿੱਖਿਆ ਵਰਗੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ। ਆਉਣ ਵਾਲੇ ਸਾਲਾਂ ਵਿੱਚ ਇੱਥੇ 2000 ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਦੀ ਉਮੀਦ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਾਲਜ ਲਈ ਜ਼ਮੀਨ ਦਾਨ ਕਰਨ ਵਾਲੇ ਪਿੰਡ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ ਅਤੇ ਇਸ ਸੰਸਥਾ ਦਾ ਨਾਮ ਸਤਿਕਾਰਯੋਗ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਲਜ ਖਾਸ ਕਰਕੇ ਲੜਕੀਆਂ ਦੀ ਸਿੱਖਿਆ ਲਈ ਮੀਲ ਪੱਥਰ ਸਾਬਤ ਹੋਵੇਗਾ, ਕਿਉਂਕਿ ਪਹਿਲਾਂ ਵਿਦਿਆਰਥੀਆਂ ਨੂੰ ਅੰਮ੍ਰਿਤਸਰ ਤੱਕ ਲੰਬਾ ਸਫਰ ਕਰਨਾ ਪੈਂਦਾ ਸੀ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸੀਨੀਅਰ ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਆਗੂਆਂ ਨੇ ਕਿਹਾ ਕਿ ਇਹ ਪ੍ਰਾਜੈਕਟ ਸਰਹੱਦੀ ਇਲਾਕਿਆਂ ਦੇ ਨੌਜਵਾਨਾਂ ਲਈ ਨਵੀਆਂ ਸੰਭਾਵਨਾਵਾਂ ਖੋਲ੍ਹੇਗਾ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਲਿਜਾਣ ਵਿੱਚ ਮਦਦਗਾਰ ਸਾਬਤ ਹੋਵੇਗਾ।
ਭਗਵੰਤ ਸਿੰਘ ਮਾਨ ਨੇ ਦ੍ਰਿੜ੍ਹਤਾ ਨਾਲ ਕਿਹਾ ਕਿ ਸਰਕਾਰ ਦਾ ਕੇਂਦਰ ਬਿੰਦੂ ਮੌਜੂਦਾ ਅਤੇ ਭਵਿੱਖੀ ਪੀੜ੍ਹੀਆਂ ਦੀ ਭਲਾਈ ਹੈ, ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਪੰਜਾਬ ਤੋਂ ਬਾਹਰ ਜਾਣ ਦੀ ਲੋੜ ਨਾ ਪਵੇ।
