Homeਪੰਜਾਬਯੁੱਧ ਨਸ਼ਿਆਂ ਵਿਰੁੱਧ’ ਤੋਂ ਬਾਅਦ ‘ਯੁੱਧ ਗੈਂਗਸਟਰਾਂ ਵਿਰੁੱਧ’: ਪੰਜਾਬ ’ਚ ਹੁਣ ਤੱਕ...

ਯੁੱਧ ਨਸ਼ਿਆਂ ਵਿਰੁੱਧ’ ਤੋਂ ਬਾਅਦ ‘ਯੁੱਧ ਗੈਂਗਸਟਰਾਂ ਵਿਰੁੱਧ’: ਪੰਜਾਬ ’ਚ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦੀ ਸ਼ੁਰੂਆਤ

ਚੰਡੀਗੜ੍ਹ, 20 ਜਨਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਵੱਡੀ ਸਫਲਤਾ ਤੋਂ ਬਾਅਦ ਸੰਗਠਿਤ ਅਪਰਾਧ ਖ਼ਿਲਾਫ਼ ਸ਼ੁਰੂ ਕੀਤੀ ਗਈ ਪੰਜਾਬ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਇਸਨੂੰ ਪੂਰੇ ਪੱਧਰ ’ਤੇ “ਗੈਂਗਸਟਰਾਂ ਵਿਰੁੱਧ ਜੰਗ” ਕਰਾਰ ਦਿੱਤਾ।

ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿੱਚ ‘ਆਪ’ ਆਗੂ ਬੁੱਟਾ ਸਿੰਘ ਬੈਰਾਗੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨੀਲ ਗਰਗ ਨੇ ਦੱਸਿਆ ਕਿ 1 ਮਾਰਚ 2025 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਫੈਸਲਾਕੁੰਨ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। 325 ਦਿਨਾਂ ਵਿੱਚ ਲਗਭਗ 32 ਹਜ਼ਾਰ ਐਫ਼ਆਈਆਰ ਦਰਜ ਕੀਤੀਆਂ ਗਈਆਂ, ਹਜ਼ਾਰਾਂ ਨਸ਼ਾ ਤਸਕਰ ਗ੍ਰਿਫ਼ਤਾਰ ਹੋਏ ਅਤੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਜ਼ਬਤ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਵਿੱਚ ਸਜ਼ਾ ਦੀ ਦਰ ਲਗਭਗ 86 ਫੀਸਦੀ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।

ਨੀਲ ਗਰਗ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਤੋੜੀ ਜਾ ਚੁੱਕੀ ਹੈ ਅਤੇ ਇਸ ਸਫਲਤਾ ਦਾ ਸਿਹਰਾ ਪੰਜਾਬ ਪੁਲਿਸ ਅਤੇ ਪੰਜਾਬ ਦੇ ਲੋਕਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਾਬਤ ਕਰਦੀ ਹੈ ਕਿ ਜਦੋਂ ਸਰਕਾਰ ਦੀ ਨੀਅਤ ਸਾਫ਼ ਹੋਵੇ ਅਤੇ ਇਰਾਦਾ ਮਜ਼ਬੂਤ ਹੋਵੇ, ਤਾਂ ਲੋਕ ਪੂਰਾ ਸਾਥ ਦਿੰਦੇ ਹਨ ਅਤੇ ਨਤੀਜੇ ਆਪਣੇ ਆਪ ਸਾਹਮਣੇ ਆਉਂਦੇ ਹਨ।

ਅਗਲੀ ਵੱਡੀ ਚੁਣੌਤੀ ਬਾਰੇ ਗੱਲ ਕਰਦਿਆਂ ਗਰਗ ਨੇ ਕਿਹਾ ਕਿ ਗੈਂਗਸਟਰਵਾਦ ਕੋਈ ਨਵੀਂ ਸਮੱਸਿਆ ਨਹੀਂ, ਸਗੋਂ ਪਿਛਲੀਆਂ ਸਰਕਾਰਾਂ ਦੌਰਾਨ ਇਹ ਵਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਜਿਨ੍ਹਾਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਸੁਰੱਖਿਆ, ਸ਼ਕਤੀ ਅਤੇ ਟਿਕਟਾਂ ਦਿੱਤੀਆਂ, ਉਹੀ ਇਸ ਖ਼ਤਰੇ ਲਈ ਜ਼ਿੰਮੇਵਾਰ ਹਨ।

ਨੀਲ ਗਰਗ ਨੇ ਐਲਾਨ ਕੀਤਾ ਕਿ ਮਾਨ ਸਰਕਾਰ ਨੇ ਹੁਣ ਗੈਂਗਸਟਰਾਂ ਵਿਰੁੱਧ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਆਪ੍ਰੇਸ਼ਨ ਸ਼ੁਰੂ ਕੀਤਾ ਹੈ। ਉਨ੍ਹਾਂ ਮੁਤਾਬਕ, ਇਤਿਹਾਸ ਵਿੱਚ ਪਹਿਲੀ ਵਾਰ 12,000 ਤੋਂ ਵੱਧ ਮੁਲਾਜ਼ਮਾਂ ਵਾਲੀਆਂ 2,000 ਪੁਲਿਸ ਟੀਮਾਂ ਪੂਰੇ ਪੰਜਾਬ ਵਿੱਚ ਲਗਾਤਾਰ ਤਲਾਸ਼ੀ ਅਤੇ ਪਿੱਛਾ ਮੁਹਿੰਮਾਂ ਚਲਾ ਰਹੀਆਂ ਹਨ। ਇਹ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦਰਸਾਉਂਦਾ ਹੈ।

ਗਰਗ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੋਈ ਸਿਆਸੀ ਲੜਾਈ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ “ਯੁੱਧ ਨਸ਼ਿਆਂ ਵਿਰੁੱਧ” ਨੇ ਪੰਜਾਬ ਨੂੰ ਨਵੀਂ ਉਮੀਦ ਦਿੱਤੀ ਹੈ, ਉਸੇ ਤਰ੍ਹਾਂ “ਯੁੱਧ ਗੈਂਗਸਟਰਾਂ ਵਿਰੁੱਧ” ਲੋਕਾਂ ਵਿੱਚ ਸੁਰੱਖਿਆ ਦੀ ਨਵੀਂ ਭਾਵਨਾ ਪੈਦਾ ਕਰੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਗੈਂਗਸਟਰਾਂ ਲਈ ਨਾ ਕੋਈ ਰਹਿਮ ਹੋਵੇਗਾ ਅਤੇ ਨਾ ਹੀ ਕੋਈ ਸੁਰੱਖਿਆ। “ਉਹ ਦੌਰ ਮੁੱਕ ਗਿਆ ਹੈ ਜਦੋਂ ਗੈਂਗਸਟਰਾਂ ਦੀ ਸਰਪ੍ਰਸਤੀ ਹੁੰਦੀ ਸੀ। ਅੱਜ ਸੁਨੇਹਾ ਸਾਫ਼ ਹੈ—ਹਥਿਆਰ ਸੁੱਟ ਦਿਓ, ਪੰਜਾਬ ਛੱਡ ਦਿਓ ਜਾਂ ਫਿਰ ਜੇਲ੍ਹ ਜਾਣ ਲਈ ਤਿਆਰ ਰਹੋ,” ਗਰਗ ਨੇ ਕਿਹਾ।

ਨੀਲ ਗਰਗ ਨੇ ਖੁਲਾਸਾ ਕੀਤਾ ਕਿ ਵਿਦੇਸ਼ਾਂ ਤੋਂ ਸਰਗਰਮ ਕਰੀਬ 60 ਗੈਂਗਸਟਰਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਦੇ ਸਥਾਨਕ ਨੈੱਟਵਰਕ ਵੀ ਨਿਸ਼ਾਨੇ ’ਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚਾਹੇ ਗੈਂਗਸਟਰ ਪੰਜਾਬ ਵਿੱਚ ਹੋਣ, ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਜਾਂ ਵਿਦੇਸ਼ਾਂ ਵਿੱਚ, ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੂੰ ਫੰਡ ਮੁਹੱਈਆ ਕਰਵਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇਗੀ।

ਇਸ ਦੇ ਨਾਲ ਹੀ ਗਰਗ ਨੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਆਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਨੌਜਵਾਨ ਇਹ ਰਾਹ ਛੱਡਣਾ ਚਾਹੁੰਦਾ ਹੈ ਤਾਂ ਸਰਕਾਰ ਉਸਦਾ ਸਵਾਗਤ ਕਰੇਗੀ।

ਜਨਤਕ ਸਹਿਯੋਗ ਦੀ ਮੰਗ ਕਰਦਿਆਂ ਨੀਲ ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੈਲਪਲਾਈਨ ਨੰਬਰ 93946-93946 ’ਤੇ ਜਾਣਕਾਰੀ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਜਾਣਕਾਰੀ ਸਿੱਧੀ ਐਂਟੀ-ਗੈਂਗਸਟਰ ਟਾਸਕ ਫੋਰਸ ਤੱਕ ਪਹੁੰਚੇਗੀ, ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਤਸਦੀਕ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿਰੋਧੀ ਪਾਰਟੀਆਂ ’ਤੇ ਤੰਜ ਕਰਦਿਆਂ ਗਰਗ ਨੇ ਕਿਹਾ ਕਿ ਜੋ ਲੋਕ ਰੋਜ਼ ਅਮਨ-ਕਾਨੂੰਨ ਦੀ ਦੁਹਾਈ ਦਿੰਦੇ ਹਨ, ਉਹ ਪਹਿਲਾਂ ਆਪਣੇ ਸੂਬਿਆਂ ਦੇ ਹਾਲਾਤ ਵੇਖਣ। ਉਨ੍ਹਾਂ ਕਿਹਾ ਕਿ ਅੜਿੱਕੇ ਪੈਦਾ ਕਰਨ ਦੀ ਬਜਾਏ, ਵਿਰੋਧੀਆਂ ਨੂੰ ਪੰਜਾਬ ਮਾਡਲ ਤੋਂ ਸਿੱਖਣਾ ਚਾਹੀਦਾ ਹੈ ਅਤੇ ਇਸ ਲੜਾਈ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments