Home ਪੰਜਾਬ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: 42.9 ਕਿਲੋ ਹੈਰੋਇਨ, 4 ਹੈਂਡ ਗ੍ਰਨੇਡ...

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: 42.9 ਕਿਲੋ ਹੈਰੋਇਨ, 4 ਹੈਂਡ ਗ੍ਰਨੇਡ ਤੇ ਪਿਸਤੌਲ ਸਮੇਤ ਨਾਰਕੋ-ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼

0

ਚੰਡੀਗੜ੍ਹ/ਅੰਮ੍ਰਿਤਸਰ, 29 ਜਨਵਰੀ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ 42.9 ਕਿਲੋਗ੍ਰਾਮ ਹੈਰੋਇਨ, ਚਾਰ ਹੈਂਡ ਗ੍ਰਨੇਡ, ਇੱਕ ਸਟਾਰ-ਮਾਰਕ ਪਿਸਤੌਲ ਅਤੇ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਆਪਰੇਸ਼ਨ ਵੀਡੀਸੀਜ਼ ਰਾਹੀਂ ਮਿਲੀ ਕਾਰਵਾਈਯੋਗ ਅਤੇ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਮਲ ਵਿੱਚ ਲਿਆਂਦਾ ਗਿਆ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕ ਸਮੱਗਰੀ ਡਰੋਨ ਰਾਹੀਂ ਅੰਤਰਰਾਸ਼ਟਰੀ ਸਰਹੱਦ ਪਾਰੋਂ ਭੇਜੀ ਗਈ ਸੀ, ਜਿਸ ਨਾਲ ਇੱਕ ਸੰਗਠਿਤ ਸਰਹੱਦ ਪਾਰ ਨਾਰਕੋ-ਅੱਤਵਾਦੀ ਨੈੱਟਵਰਕ ਦੀ ਸ਼ਮੂਲੀਅਤ ਸਾਫ਼ ਹੁੰਦੀ ਹੈ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਫਰਾਰ ਮੁਲਜ਼ਮਾਂ ਦੀ ਤਲਾਸ਼ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਵੀਡੀਸੀ ਨੈੱਟਵਰਕ ਤੋਂ ਮਿਲੀ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਪਿੰਡ ਊਠੀਆਂ ਵਿੱਚ ਇੱਕ ਮੋਟਰਸਾਈਕਲ ਨੂੰ ਰੋਕਿਆ। ਪੁਲਿਸ ਦੀ ਮੌਜੂਦਗੀ ਦੇਖ ਕੇ ਸ਼ੱਕੀ ਵਿਅਕਤੀ ਹਨੇਰੇ ਦਾ ਫਾਇਦਾ ਚੁੱਕਦਿਆਂ ਮੋਟਰਸਾਈਕਲ ਅਤੇ ਖੇਪ ਛੱਡ ਕੇ ਖੇਤਾਂ ਵੱਲ ਭੱਜ ਗਏ। ਬਾਅਦ ਵਿੱਚ ਯੋਜਨਾਬੱਧ ਤਲਾਸ਼ੀ ਅਭਿਆਨ ਦੌਰਾਨ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਬਰਾਮਦ ਕੀਤੀ ਗਈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ, ਉਨ੍ਹਾਂ ਦੇ ਅਗਲੇ-ਪਿਛਲੇ ਸਬੰਧਾਂ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਰਾਜਾਸਾਂਸੀ, ਅੰਮ੍ਰਿਤਸਰ ਦਿਹਾਤੀ ਵਿੱਚ ਐਫਆਈਆਰ ਨੰਬਰ 26 ਮਿਤੀ 29.01.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 25 ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Exit mobile version