Home ਪੰਜਾਬ ਜਲੰਧਰ ਤੋਂ ‘ਰੰਗਲਾ ਪੰਜਾਬ’ ਦੀ ਸ਼ੁਰੂਆਤ: 2.7 ਲੱਖ ਐਸ.ਸੀ. ਵਿਦਿਆਰਥੀਆਂ ਨੂੰ 271...

ਜਲੰਧਰ ਤੋਂ ‘ਰੰਗਲਾ ਪੰਜਾਬ’ ਦੀ ਸ਼ੁਰੂਆਤ: 2.7 ਲੱਖ ਐਸ.ਸੀ. ਵਿਦਿਆਰਥੀਆਂ ਨੂੰ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ  ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਵਜ਼ੀਫਾ ਵੰਡ ਸਮਾਗਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਵਜ਼ੀਫਾ ਸੂਬਾ ਸਰਕਾਰ ਦੀ ਸਿੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਪਹਿਲਕਦਮੀ ਨਾਲ ਸੂਬਾ ਭਰ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ 2020-21 ਦੇ ਮੁਕਾਬਲੇ 2024-25 ਵਿੱਚ ਵਜ਼ੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 35 ਫੀਸਦੀ ਦਾ ਵਾਧਾ ਹੋਇਆ ਹੈ, ਜੋ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਸਪੱਸ਼ਟ ਗਵਾਹੀ ਹੈ। ਉਨ੍ਹਾਂ ਕਿਹਾ ਕਿ ਇਹ ਵਜ਼ੀਫਾ ਸਿਰਫ ਵਿੱਤੀ ਮਦਦ ਨਹੀਂ, ਸਗੋਂ ਵਿਦਿਆਰਥੀਆਂ ਨੂੰ ਸਵੈ-ਨਿਰਭਰ ਬਣਾਉਣ ਦਾ ਸਾਧਨ ਹੈ।

ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਸੱਤਾ ਵਿੱਚ ਰਹਿੰਦਿਆਂ ਆਪਣੇ ਪਰਿਵਾਰਾਂ ਦੇ ਹਿੱਤ ਸਾਧੇ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਅਤੇ ਕਮਜ਼ੋਰ ਵਰਗਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ’ਤੇ ਕੇਂਦ੍ਰਿਤ ਹੈ। ਉਨ੍ਹਾਂ ਨੇ ਪੋਸਟ-ਮੈਟ੍ਰਿਕ ਵਜ਼ੀਫਾ ਸਕੀਮ ਵਿੱਚ ਹੋਈਆਂ ਪੁਰਾਣੀਆਂ ਗੜਬੜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਪਾਰਦਰਸ਼ਤਾ ਲਈ ਬਾਇਓ-ਪ੍ਰਮਾਣਿਕਤਾ ਅਤੇ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ’ਤੇ ਜਵਾਬਦੇਹੀ ਵਾਲੀ ਵਿਵਸਥਾ ਲਾਗੂ ਕੀਤੀ ਹੈ।

ਸਿੱਖਿਆ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਤਕਦੀਰ ਬਦਲਣ ਲਈ ਸਿੱਖਿਆ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਟੀਚੇ ਤੈਅ ਕਰਕੇ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ ਅਤੇ ਸੰਤ ਰਾਮ ਉਦਾਸੀ ਦੀ ਕਵਿਤਾ ‘ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਸਾਂਝੀ ਕਰਕੇ ਨੌਜਵਾਨਾਂ ਵਿੱਚ ਜੋਸ਼ ਭਰਿਆ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡਾ. ਬਲਜੀਤ ਕੌਰ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।

Exit mobile version