ਸ੍ਰੀ ਮੁਕਤਸਰ ਸਾਹਿਬ, 30 ਜਨਵਰੀ 2026 — ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿੱਚ ਚਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਸੜਕੀ ਹਾਦਸਿਆਂ ਤੋਂ ਬਚਾਅ ਲਈ ਟਰੈਫਿਕ ਜਾਗਰੂਕਤਾ ਅਭਿਆਨ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਨਿਰੰਤਰ ਅਤੇ ਵਿਸ਼ਾਲ ਪੱਧਰ ‘ਤੇ ਜਾਗਰੂਕਤਾ ਪ੍ਰੋਗਰਾਮ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ।
ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਇਕ ਪਾਸੇ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅੰਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਗਾਤਾਰ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨੌਜਵਾਨ ਵਰਗ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਨੂੰ ਖਾਸ ਤਰਜੀਹ ਦਿੱਤੀ ਜਾ ਰਹੀ ਹੈ।
ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਪੁਲਿਸ ਮੁਲਾਜ਼ਮਾਂ ਅਤੇ ਅਵੇਅਰਨੈਸ ਟੀਮਾਂ ਵੱਲੋਂ ਸਕੂਲਾਂ, ਕਾਲਜਾਂ, ਪਿੰਡਾਂ, ਸ਼ਹਿਰੀ ਸੱਥਾਂ, ਟੈਕਸੀ ਸਟੈਂਡਾਂ ਅਤੇ ਟਰਾਂਸਪੋਰਟ ਯੂਨਿਟਾਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸਮਝਾਇਆ ਗਿਆ ਕਿ ਨਸ਼ੇ ਸਿਰਫ਼ ਸਿਹਤ ਲਈ ਹੀ ਨਹੀਂ, ਸਗੋਂ ਪਰਿਵਾਰਕ, ਸਮਾਜਿਕ ਅਤੇ ਭਵਿੱਖੀ ਜੀਵਨ ਲਈ ਵੀ ਘਾਤਕ ਸਾਬਤ ਹੁੰਦੇ ਹਨ।
ਇਸ ਦੇ ਨਾਲ ਹੀ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਤੇਜ਼ ਰਫ਼ਤਾਰ, ਬਿਨਾਂ ਹੈਲਮੈਟ, ਸੀਟ ਬੈਲਟ ਦੀ ਅਣਦੇਖੀ ਅਤੇ ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾਉਣ ਨਾਲ ਹੋਣ ਵਾਲੇ ਘਾਤਕ ਸੜਕੀ ਹਾਦਸਿਆਂ ਬਾਰੇ ਸਪਸ਼ਟ ਤੌਰ ‘ਤੇ ਜਾਣੂ ਕਰਵਾਇਆ ਗਿਆ।
ਮੁਹਿੰਮ ਤਹਿਤ ਪਿੰਡ ਪੱਧਰ ‘ਤੇ ਸੱਥਾਂ ਵਿੱਚ ਸੈਮੀਨਾਰ ਅਤੇ ਮੀਟਿੰਗਾਂ ਕਰਵਾ ਕੇ ਆਮ ਲੋਕਾਂ ਨਾਲ ਸਿੱਧਾ ਅਤੇ ਭਰੋਸੇਯੋਗ ਸੰਪਰਕ ਕਾਇਮ ਕੀਤਾ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਨਸ਼ਾ ਵੇਚਣ ਵਾਲੇ ਤੱਤਾਂ ਬਾਰੇ ਮਿਲੀਆਂ ਜਾਣਕਾਰੀਆਂ ‘ਤੇ ਤੁਰੰਤ ਕਾਰਵਾਈ ਕਰਦਿਆਂ CASO ਪ੍ਰੋਗਰਾਮਾਂ, ਨਾਕਾਬੰਦੀਆਂ ਅਤੇ ਰੇਡਾਂ ਰਾਹੀਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ, ਜਿਨ੍ਹਾਂ ਪਿੰਡਾਂ ਵਿੱਚ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਹਨ, ਉਨ੍ਹਾਂ ਦੇ ਮਾਪਿਆਂ ਨਾਲ ਸੰਪਰਕ ਕਰਕੇ ਸਰਪੰਚਾਂ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਭੇਜਿਆ ਜਾ ਰਿਹਾ ਹੈ, ਜਿੱਥੇ ਡਾਕਟਰੀ ਦੇਖਰੇਖ ਹੇਠ ਇਲਾਜ ਅਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨੂੰ ਮੁੜ ਸਿਹਤਮੰਦ ਅਤੇ ਨਸ਼ਾ-ਮੁਕਤ ਜੀਵਨ ਵੱਲ ਲਿਆਂਦਾ ਜਾ ਸਕੇ।
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅਪੀਲ ਕੀਤੀ ਹੈ ਕਿ ਆਮ ਲੋਕ ਨਸ਼ਿਆਂ ਅਤੇ ਟਰੈਫਿਕ ਉਲੰਘਣਾਵਾਂ ਬਾਰੇ ਜਾਣਕਾਰੀ ਨਿਡਰ ਹੋ ਕੇ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਜ਼ਿਲ੍ਹੇ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।







