ਚੰਡੀਗੜ੍ਹ: 2 ਫਰਵਰੀ 2026:
ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇ ਚਲਦੇ ਪੀਲਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਧੁੰਦ ਦੀ ਸਥਿਤੀ ਖਾਸ ਕਰਕੇ ਸਵੇਰ ਅਤੇ ਸ਼ਾਮ ਦੇ ਸਮੇਂ ਬਣੀ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਦੇ ਨੌਂ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ)—ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਐਤਵਾਰ ਨੂੰ ਮਾਨਸਾ ਵਿੱਚ 4.3 ਮਿਲੀਮੀਟਰ, ਮੋਹਾਲੀ ਵਿੱਚ 0.8 ਮਿਲੀਮੀਟਰ, ਰੂਪਨਗਰ ਵਿੱਚ 0.5 ਮਿਲੀਮੀਟਰ, ਸੰਗਰੂਰ ਵਿੱਚ 0.4 ਮਿਲੀਮੀਟਰ, ਪਠਾਨਕੋਟ ਅਤੇ ਪਟਿਆਲਾ ਵਿੱਚ 0.3-0.3 ਮਿਲੀਮੀਟਰ, ਜਦਕਿ ਫਰੀਦਕੋਟ ਵਿੱਚ 0.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਕਾਰਨ ਦ੍ਰਿਸ਼ਟੀ 0 ਤੋਂ 50 ਮੀਟਰ ਤੱਕ ਘੱਟ ਗਈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 19.2 ਤੋਂ 22.8 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 5.9 ਤੋਂ 11.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਰਾਜ ਦਾ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ ਰਿਹਾ।
ਵਿਭਾਗ ਨੇ ਕਿਹਾ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ, ਜਦਕਿ ਇਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਹੋਣ ਦੀ ਉਮੀਦ ਨਹੀਂ ਹੈ। ਉੱਤਰੀ ਪਾਕਿਸਤਾਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਇਹ ਬਦਲਾਅ ਵੇਖੇ ਜਾ ਰਹੇ ਹਨ। ਮੌਸਮ ਵਿਭਾਗ ਮੁਤਾਬਕ 5 ਫਰਵਰੀ ਦੀ ਰਾਤ ਤੋਂ ਇੱਕ ਹੋਰ ਨਵੀਂ ਪੱਛਮੀ ਗੜਬੜ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ।









