Home ਪੰਜਾਬ ਅੰਮ੍ਰਿਤਪਾਲ ਸਿੰਘ ਨੂੰ ਬਜਟ ਸੈਸ਼ਨ ਲਈ ਅਸਥਾਈ ਪੈਰੋਲ ਨਹੀਂ ਮਿਲੀ, ਪੰਜਾਬ ਸਰਕਾਰ...

ਅੰਮ੍ਰਿਤਪਾਲ ਸਿੰਘ ਨੂੰ ਬਜਟ ਸੈਸ਼ਨ ਲਈ ਅਸਥਾਈ ਪੈਰੋਲ ਨਹੀਂ ਮਿਲੀ, ਪੰਜਾਬ ਸਰਕਾਰ ਨੇ ਅਰਜ਼ੀ ਖਾਰਜ ਕੀਤੀ

0

ਚੰਡੀਗੜ੍ਹ: ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਵੱਲੋਂ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਅਸਥਾਈ ਪੈਰੋਲ ਦੀ ਅਰਜ਼ੀ ਨੂੰ ਸਪੱਸ਼ਟ ਤੌਰ ’ਤੇ ਖਾਰਜ ਕਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਅਸਥਾਈ ਤੌਰ ’ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ, ਤਾਂ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜ ਸਕਦੀ ਹੈ। ਇਸ ਸੰਭਾਵਨਾ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਉਨ੍ਹਾਂ ਦੀ ਪੈਰੋਲ ਪਟੀਸ਼ਨ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਮਹੀਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ ਸਬੰਧੀ ਪਟੀਸ਼ਨ ’ਤੇ ਸੱਤ ਦਿਨਾਂ ਦੇ ਅੰਦਰ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਦੱਸਿਆ ਕਿ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੈਰੋਲ ਅਰਜ਼ੀ ਬਾਰੇ ਅਧਿਕਾਰਕ ਜਵਾਬ ਮਿਲ ਗਿਆ ਹੈ।

ਦੱਸ ਦਈਏ ਕਿ ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸਦਾ ਪਹਿਲਾ ਪੜਾਅ 13 ਫਰਵਰੀ ਤੱਕ ਜਾਰੀ ਰਹੇਗਾ, ਜਦਕਿ ਦੂਜਾ ਪੜਾਅ 9 ਮਾਰਚ ਤੋਂ 2 ਅਪ੍ਰੈਲ ਤੱਕ ਚਲੇਗਾ।

ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਹਨ ਅਤੇ ਇਸ ਸਮੇਂ ਉਹ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ।

 

Exit mobile version