ਡੀਗੜ੍ਹ, 5 ਫਰਵਰੀ 2026:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਦੀ ਸਮੁੱਚੀ ਕੋਰ ਕਮੇਟੀ ਸਮੇਤ ਚੰਡੀਗੜ੍ਹ ਸਥਿਤ ਡੀ.ਜੀ.ਪੀ. ਦਫ਼ਤਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਸਿਆਸੀ ਬਦਲਾਖੋਰੀ ਕਰਨ ਅਤੇ ਉਨ੍ਹਾਂ ਦੇ ਨਿੱਜੀ ਕਾਰੋਬਾਰਾਂ ਨੂੰ ਨਿਸ਼ਾਨਾ ਬਣਾਉਣ ਦੇ ਸਖ਼ਤ ਦੋਸ਼ ਲਗਾਏ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਐਸ.ਆਈ.ਟੀ. (SIT) ਦਾ ਗਠਨ ਕਰਕੇ ਉਨ੍ਹਾਂ ਦੇ ਨਿੱਜੀ ਕਾਰੋਬਾਰਾਂ ਦੀ ਜਾਂਚ ਕਰਵਾ ਰਹੀ ਹੈ, ਤਾਂ ਜੋ ਉਨ੍ਹਾਂ ਵਿਰੁੱਧ ਕੋਈ ਝੂਠਾ ਮਾਮਲਾ ਦਰਜ ਕੀਤਾ ਜਾ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਦੀਆਂ ਟੀਮਾਂ ਉਨ੍ਹਾਂ ਦੇ ਅਕਾਊਂਟੈਂਟਾਂ ਅਤੇ ਹੋਰ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੀਆਂ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਵਿਅਕਤੀਆਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਕੋਈ ਵੀ ਸਬੰਧ ਨਹੀਂ ਹੈ। ਡੀ.ਜੀ.ਪੀ. ਦਫ਼ਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ,
“ਮੈਂ ਖ਼ੁਦ ਗ੍ਰਿਫ਼ਤਾਰੀ ਦੇਣ ਆਇਆ ਹਾਂ। ਜੇ ਕੋਈ ਕਾਰਵਾਈ ਕਰਨੀ ਹੈ ਤਾਂ ਮੇਰੇ ’ਤੇ ਕਰੋ, ਮੇਰੇ ’ਤੇ ਪਰਚਾ ਦਰਜ ਕਰੋ ਅਤੇ ਜਾਂਚ ਕਰੋ, ਪਰ ਸਰਕਾਰ ਮੇਰੇ ਨਾਲ ਜੁੜੇ ਬੇਕਸੂਰ ਲੋਕਾਂ ਨੂੰ ਤੰਗ ਕਰਨਾ ਬੰਦ ਕਰੇ।”
ਅਕਾਲੀ ਦਲ ਦੀ ਲੀਡਰਸ਼ਿਪ ਨੇ ਇਸ ਕਾਰਵਾਈ ਨੂੰ ਲੋਕਤੰਤਰ ਦਾ ਘਾਣ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਵਿਰੋਧੀ ਧਿਰ ਦੇ ਆਗੂਆਂ ’ਤੇ ਦਬਾਅ ਬਣਾਉਣ ਦੀ ਨੀਤੀ ਅਪਣਾ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਇਹ ਤੰਗ-ਪ੍ਰੇਸ਼ਾਨੀ ਜਾਰੀ ਰਹੀ ਤਾਂ ਅਕਾਲੀ ਦਲ ਸੜਕਾਂ ’ਤੇ ਸੰਘਰਸ਼ ਕਰਨ ਤੋਂ ਵੀ ਪਿੱਛੇ ਨਹੀਂ ਹਟੇਗਾ।







