ਚੰਡੀਗੜ੍ਹ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਸੂਬੇ ਭਰ ਤੋਂ 17.50 ਲੱਖ ਤੋਂ ਵੱਧ ਮਾਪਿਆਂ ਨੇ ਸ਼ਿਰਕਤ ਕੀਤੀ।
ਉਨ੍ਹਾਂ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT) ਦੀ ਅਗਵਾਈ ਹੇਠ ਚਲਾਈ ਗਈ ਇਸ ਮੈਗਾ ਪਹਿਲਕਦਮੀ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸਰਗਰਮ ਭੂਮਿਕਾ ਲਈ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵੱਲ ਇੱਕ ਅਹੰਮ ਕਦਮ ਹੈ।
ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਹਾਈ ਸਕੂਲ ਮਾਣਕਪੁਰ (ਨੰਗਲ) ਵਿਖੇ ਵਰਕਸ਼ਾਪ ਵਿੱਚ ਸ਼ਮੂਲੀਅਤ ਕਰਦਿਆਂ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਵਰਕਸ਼ਾਪ ਦਾ ਮੁੱਖ ਉਦੇਸ਼ ਮਾਪਿਆਂ ਨੂੰ ਤਣਾਅ-ਰਹਿਤ ਪ੍ਰੀਖਿਆ ਤਿਆਰੀ, ਬੱਚਿਆਂ ਦਾ ਆਤਮ-ਵਿਸ਼ਵਾਸ ਵਧਾਉਣ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕ ਕਰਨਾ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਰਾਜਵਿਆਪੀ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸ੍ਰੀ ਲਾਲਚੰਦ ਕਟਾਰੂਚੱਕ, ਸ. ਤਰੁਨਪ੍ਰੀਤ ਸਿੰਘ ਸੌਂਦ, ਸ. ਹਰਦੀਪ ਸਿੰਘ ਮੁੰਡੀਆਂ ਸਮੇਤ 40 ਤੋਂ ਵੱਧ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਵਿੱਚ ਭਾਗ ਲਿਆ, ਜਿਸ ਨਾਲ ਸਿੱਖਿਆ ਪ੍ਰਣਾਲੀ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਸਪਸ਼ਟ ਹੋਈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਵਰਕਸ਼ਾਪ ਦੀ ਸੁਚੱਜੀ ਨਿਗਰਾਨੀ ਲਈ 3,000 ਤੋਂ ਵੱਧ ਸੀਨੀਅਰ ਅਧਿਕਾਰੀ ਅਤੇ ਲਗਭਗ 40,000 ਸਿਖਲਾਈਯਾਫ਼ਤਾ ਅਧਿਆਪਕ ਤਾਇਨਾਤ ਕੀਤੇ ਗਏ ਸਨ। ਹਰੇਕ ਸਕੂਲ ਵਿੱਚ 1 ਤੋਂ 1.5 ਘੰਟੇ ਦੇ ਸੈਸ਼ਨ ਕਰਵਾਏ ਗਏ।
ਉਨ੍ਹਾਂ ਕਿਹਾ ਕਿ ਸਕੂਲ ਅਤੇ ਮਾਪਿਆਂ ਵਿਚਕਾਰ ਮਜ਼ਬੂਤ ਤਾਲਮੇਲ ਬੱਚਿਆਂ ਦੀ ਅਕਾਦਮਿਕ ਸਫ਼ਲਤਾ ਅਤੇ ਸੰਪੂਰਨ ਵਿਕਾਸ ਲਈ ਬਹੁਤ ਜ਼ਰੂਰੀ ਹੈ ਅਤੇ ਇਹ ਵਰਕਸ਼ਾਪ ਇੱਕ ਸਿਹਤਮੰਦ, ਸਹਿਯੋਗੀ ਅਤੇ ਸਿੱਖਣ-ਯੋਗ ਘਰੇਲੂ ਮਾਹੌਲ ਸਿਰਜਣ ਵੱਲ ਇੱਕ ਮਜ਼ਬੂਤ ਅਧਾਰ ਹੈ।







