ਪਟਿਆਲਾ ਤੋਂ—ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਨੂੰ ਨਵੀਂ ਦਿਸ਼ਾ ਦੇਣ ਅਤੇ ਸਰਕਾਰੀ ਸਕੂਲਾਂ ਦੀ ਦਿੱਖ ਤੇ ਗੁਣਵੱਤਾ ਵਿੱਚ ਸੁਧਾਰ ਲਿਆਂਦੇ ਜਾਣ ਲਈ ਸੂਬੇ ਭਰ ਵਿੱਚ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ “ਮਾਪਿਆਂ ਦੀ ਵਰਕਸ਼ਾਪ-2” ਦਾ ਆਯੋਜਨ ਕੀਤਾ ਗਿਆ।
ਇਸ ਅਭਿਆਨ ਅਧੀਨ ਪਟਿਆਲਾ ਦੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਵਿੱਚ ਮਾਪਿਆਂ ਦੀ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਵਰਕਸ਼ਾਪ ਦੌਰਾਨ ਮਾਪਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਅਸਲ ਬਦਲਾਅ ਤਦ ਹੀ ਸੰਭਵ ਹੈ ਜਦੋਂ ਸਰਕਾਰ, ਮਾਪੇ ਅਤੇ ਅਧਿਆਪਕ ਤਿੰਨੇ ਮਿਲ ਕੇ ਇਕਜੁੱਟ ਯਤਨ ਕਰਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲ ਅੱਜ ਦੇਸ਼ ਦੇ ਬਿਹਤਰ ਸਕੂਲਾਂ ਵਿੱਚ ਸ਼ੁਮਾਰ ਹੋ ਰਹੇ ਹਨ।
ਡਾ. ਬਲਬੀਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਘਰ ਵਿੱਚ ਬੱਚਿਆਂ ਦੀ ਪੜ੍ਹਾਈ ਅਤੇ ਪ੍ਰੀਖਿਆ ਤਿਆਰੀ ਲਈ ਸਕਾਰਾਤਮਕ ਮਾਹੌਲ ਸਿਰਜਣ ਅਤੇ ਅਧਿਆਪਕਾਂ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ “ਮਾਂ-ਪਿਓ ਦਾ ਸਾਥ, ਬੱਚਿਆਂ ਦਾ ਵਿਕਾਸ” ਸਿਰਫ਼ ਨਾਅਰਾ ਨਹੀਂ, ਸਗੋਂ ਸਮਾਜ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੈ। ਇਸ ਮੌਕੇ ਦਾਖਲਾ ਮੁਹਿੰਮ 2026 ਦਾ ਵੀ ਆਗਾਜ਼ ਕੀਤਾ ਗਿਆ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਬਾਅਦ ਸਿਹਤ ਮੰਤਰੀ ਵੱਲੋਂ ਤ੍ਰਿਪੜੀ ਵਿਖੇ ਲੱਗੇ “ਮੁੱਖ ਮੰਤਰੀ ਸਿਹਤ ਯੋਜਨਾ—ਹਰ ਪਰਿਵਾਰ ਲਈ ਮੁਫ਼ਤ ਇਲਾਜ” ਦੇ ਰਜਿਸਟ੍ਰੇਸ਼ਨ ਕੈਂਪ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਉਨ੍ਹਾਂ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਨਿਰੀਖਣ ਕਰਦੇ ਹੋਏ ਅਧਿਕਾਰੀਆਂ ਨੂੰ ਇਹ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਹਰ ਯੋਗ ਪਰਿਵਾਰ ਤੱਕ ਯੋਜਨਾ ਦਾ ਲਾਭ ਪਹੁੰਚ ਸਕੇ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਯਕੀਨੀ ਬਣਾਉਣਾ ਹੈ, ਤਾਂ ਜੋ ਕੋਈ ਵੀ ਨਾਗਰਿਕ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵੰਚਿਤ ਨਾ ਰਹੇ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਸਰਕਾਰੀ ਉਪਰਾਲੇ ਪੰਜਾਬ ਨੂੰ ਤਰੱਕੀ ਦੀ ਰਾਹ ‘ਤੇ ਅੱਗੇ ਲੈ ਕੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਪ੍ਰਿੰਸੀਪਲ ਵਿਜੇ ਕਪੂਰ, ਪ੍ਰਿੰਸੀਪਲ ਸੰਦੀਪ ਕੁਮਾਰ, ਸੀਨੀਅਰ ਲੈਕਚਰਾਰ ਸੁਖਵਿੰਦਰ ਕੌਰ, ਹਰਿੰਦਰ ਕੌਰ, ਸੁਰੇਸ਼ ਕੌਸ਼ਲ, ਮਨਪ੍ਰੀਤ ਕੌਰ, ਰਸ਼ਪਾਲ ਸਿੰਘ, ਜਤਿੰਦਰ ਸਿੰਘ, ਸਮੂਹ ਸਟਾਫ ਮੈਂਬਰ, ਵਿਦਿਆਰਥੀ, ਮਾਪੇ ਅਤੇ ਇਲਾਕੇ ਦੇ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
