ਇੱਕ ਸਾਲ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ਲਾਘਾ
ਪਟਿਆਲਾ 17 ਫਰਵਰੀ (ਛਤਰਪਾਲ ਸਿੰਘ) : ਸ਼ਾਹੀ ਸ਼ਹਿਰ ਪਟਿਆਲਾ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਦਿਨ-ਰਾਤ ਇੱਕ ਕਰਨ ਵਾਲੇ ਮੇਅਰ ਕੁੰਦਨ ਗੋਗੀਆ ਦੇ ਕਾਰਜਕਾਲ ਦਾ ਇੱਕ ਸਾਲ ਸਫਲਤਾਪੂਰਵਕ ਪੂਰਾ ਹੋਣ ‘ਤੇ ਅੱਜ ਰਜਿੰਦਰਾ ਜਿਮਖਾਨਾ ਕਲੱਬ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਲੱਬ ਦੇ ਪ੍ਰਧਾਨ ਸ਼ੇਰਬੀਰ ਸਿੰਘ ਅਤੇ ਸੈਕਟਰੀ ਹਰਪ੍ਰੀਤ ਸੰਧੂ ਅਤੇ ਹੋਰ ਮੈਂਬਰਾਂ ਨੇ ਮੇਅਰ ਗੋਗੀਆ ਨੂੰ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਤਹਿ ਦਿਲੋਂ ਵਧਾਈ ਦਿੱਤੀ ਅਤੇ ਸ਼ਹਿਰ ਦੀ ਨੁਹਾਰ ਬਦਲਣ ਲਈ ਕੀਤੇ ਗਏ ਕੰਮਾਂ ਦੀ ਬੇਹੱਦ ਸ਼ਲਾਘਾ ਕੀਤੀ।
ਪ੍ਰਧਾਨ ਸ਼ੇਰਬੀਰ ਸਿੰਘ ਨੇ ਮੇਅਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਪਟਿਆਲਾ ਸ਼ਹਿਰ ਨੇ ਵਿਕਾਸ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਮੇਅਰ ਗੋਗੀਆ ਦੀ ਅਗਵਾਈ ਹੇਠ ਨਗਰ ਨਿਗਮ ਨੇ ਨਾ ਸਿਰਫ਼ ਪੁਰਾਣੇ ਲਟਕ ਰਹੇ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਿਆ ਹੈ, ਸਗੋਂ ਸ਼ਹਿਰ ਦੇ ਬੁਨਿਆਦੀ ਢਾਂਚੇ, ਸੜਕਾਂ ਦੇ ਨਿਰਮਾਣ ਅਤੇ ਸਫਾਈ ਵਿਵਸਥਾ ਵਿੱਚ ਵੀ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਕਿ ਮੇਅਰ ਵੱਲੋਂ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਕਲੱਬ ਦੇ ਸੈਕਟਰੀ ਹਰਪ੍ਰੀਤ ਸੰਧੂ ਨੇ ਕਿਹਾ ਕਿ ਪਟਿਆਲਾ ਨੂੰ ਸਾਫ ਸੁਥਰਾ ਬਣਾਉਣ ਕੀਤੇ ਗਏ ਉਪਰਾਲੇ ਕਾਬਿਲ-ਏ-ਤਾਰੀਫ਼ ਹਨ। ਸ਼ਹਿਰ ਦੀਆਂ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਸੁੰਦਰ ਲਾਈਟਾਂ ਦੇ ਪ੍ਰਬੰਧ ਨੇ ਪਟਿਆਲਾ ਦੀ ਦਿੱਖ ਨੂੰ ਚਾਰ ਚੰਨ ਲਗਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰਜਿੰਦਰਾ ਜਿਮਖਾਨਾ ਕਲੱਬ ਹਮੇਸ਼ਾ ਸ਼ਹਿਰ ਦੀ ਬਿਹਤਰੀ ਲਈ ਨਿਗਮ ਪ੍ਰਸ਼ਾਸਨ ਦਾ ਸਾਥ ਦਿੰਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਸਹਿਯੋਗ ਜਾਰੀ ਰੱਖੇਗਾ।
ਮੁਲਾਕਾਤ ਦੌਰਾਨ ਇਹ ਵੀ ਚਰਚਾ ਕੀਤੀ ਗਈ ਕਿ ਕਿਵੇਂ ਨਿਗਮ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ‘ਆਨਲਾਈਨ ਸੇਵਾਵਾਂ’ ਅਤੇ ‘ਸ਼ਿਕਾਇਤ ਨਿਵਾਰਨ ਪ੍ਰਣਾਲੀ’ ਨੂੰ ਮਜ਼ਬੂਤ ਕੀਤਾ ਹੈ। ਮੇਅਰ ਗੋਗੀਆ ਨੇ ਜਿਮਖਾਨਾ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਭ ਕੁਝ ਸ਼ਹਿਰ ਵਾਸੀਆਂ ਦੇ ਸਹਿਯੋਗ ਅਤੇ ਟੀਮ ਵਰਕ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਨੂੰ ਪ੍ਰਦੂਸ਼ਣ ਮੁਕਤ ਅਤੇ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਹੋਰ ਵੀ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ।
ਇਸ ਮੌਕੇ ਕਲੱਬ ਦੇ ਹੋਰ ਵੀ ਕਈ ਮੈਂਬਰ ਮੌਜੂਦ ਸਨ, ਜਿਨ੍ਹਾਂ ਨੇ ਮੇਅਰ ਗੋਗੀਆ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ।
