Homeਪੰਜਾਬਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ...

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ ਬੈਠਕ:

ਧੂਰੀ, 21 ਫਰਵਰੀ:

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸਰਪੰਚਾਂ ਪਾਸੋਂ ਫੀਡ ਬੈਕ ਪ੍ਰਾਪਤ ਕੀਤੀ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਸੁਝਾਅ ਲਏ।

ਓ.ਐਸ.ਡੀ. ਸੁਖਵੀਰ ਸਿੰਘ ਨੇ ਸਰਪੰਚਾਂ ਨੂੰ ਕਿਹਾ ਕਿ ਪਿੰਡਾਂ ਦਾ ਵਿਕਾਸ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰ ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਭਾਗੀ ਪੱਧਰ ’ਤੇ ਮਾਈਕਰੋ ਮੈਨੇਜਮੈਂਟ ਅਪਣਾਈ ਜਾ ਰਹੀ ਹੈ। ਉਨ੍ਹਾਂ ਪਿੰਡਾਂ ਵਿੱਚ ਗਲੀਆਂ-ਨਾਲੀਆਂ ਦੇ ਨਿਰਮਾਣ, ਇੰਟਰਲਾਕਿੰਗ ਟਾਈਲਾਂ, ਸਟਰੀਟ ਲਾਈਟਾਂ ਲਗਾਉਣ, ਟੋਭਿਆਂ ਦੀ ਸਫ਼ਾਈ ਅਤੇ ਸੁੰਦਰੀਕਰਨ, ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ, ਪਿੰਡ ਵਿੱਚ ਜਿਮ ਅਤੇ ਖੇਡ ਗਰਾਊਂਡਾਂ ਦੇ ਵਿਕਾਸ, ਨੌਜਵਾਨਾਂ ਲਈ ਲਾਇਬਰੇਰੀਆਂ, ਧਰਮਸ਼ਾਲਾਵਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਲਗਾਉਣ ਸਮੇਤ ਗੰਦੇ ਪਾਣੀ ਦੀ ਨਿਕਾਸੀ ਲਈ ਚੱਲ ਰਹੇ ਅਤੇ ਮੁਕੰਮਲ ਹੋਏ ਕੰਮਾਂ ਬਾਰੇ ਵੱਖ-ਵੱਖ ਸਰਪੰਚਾਂ ਤੋਂ ਵਿਸਥਾਰ ਨਾਲ ਫੀਡ ਬੈਕ ਪ੍ਰਾਪਤ ਕੀਤੀ।

ਉਨ੍ਹਾਂ ਕਿਹਾ ਕਿ ਹਰ ਪਿੰਡ ਦੀਆਂ ਲੋੜਾਂ ਅਤੇ ਤਰਜੀਹਾਂ ਵੱਖਰੀਆਂ ਹੁੰਦੀਆਂ ਹਨ, ਇਸ ਲਈ ਸਰਕਾਰ ਵੱਲੋਂ ਸਥਾਨਕ ਨੁਮਾਇੰਦਿਆਂ ਨਾਲ ਲਗਾਤਾਰ ਸੰਪਰਕ ਰੱਖਦਿਆਂ ਵਿਕਾਸ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਸਰਪੰਚਾਂ ਵੱਲੋਂ ਪੇਸ਼ ਕੀਤੇ ਗਏ ਸੁਝਾਵਾਂ ਨੂੰ ਸੰਬੰਧਤ ਵਿਭਾਗਾਂ ਤੱਕ ਤੁਰੰਤ ਭੇਜਿਆ ਜਾਵੇਗਾ ਤਾਂ ਜੋ ਮਨਜ਼ੂਰੀ ਅਤੇ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਓ.ਐਸ.ਡੀ. ਸੁਖਵੀਰ ਸਿੰਘ ਨੇ ਦੱਸਿਆ ਕਿ ਧੂਰੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਰੋਜ਼ਾਨਾ ਅਧਾਰ ’ਤੇ ਰਿਪੋਰਟ ਲਈ ਜਾਂਦੀ ਹੈ ਅਤੇ ਪ੍ਰਗਤੀ ਦੀ ਨਿਗਰਾਨੀ ਖ਼ੁਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੋਜੈਕਟ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਮੇਂ ਸਿਰ ਕਾਰਜ ਪੂਰੇ ਕਰਨ ਲਈ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ।

ਮੀਟਿੰਗ ਦੌਰਾਨ ਸਰਪੰਚਾਂ ਨੇ ਆਪਣੇ-ਆਪਣੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਆਪਣੇ ਵਿਚਾਰ ਦਿੱਤੇ।

ਇਸ ਮੌਕੇ ਏ.ਡੀ.ਸੀ. ਸੁਖਚੈਨ ਸਿੰਘ, ਮੁੱਖ ਮੰਤਰੀ ਫ਼ੀਲਡ ਅਫ਼ਸਰ ਅਰਵਿੰਦ ਕੁਮਾਰ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ, ਰਮਨਦੀਪ ਸਿੰਘ ਸਮੇਤ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments