ਆਨੰਦਪੁਰ ਸਾਹਿਬ/ਭਰਤਗੜ੍ਹ: Anandpur Sahib ਵਿੱਚ ਮਨਾਏ ਜਾਣ ਵਾਲੇ ਹੋਲਾ ਮੁਹੱਲਾ ਸਮਾਗਮ ਲਈ ਜਾ ਰਹੇ ਸ਼ਰਧਾਲੂਆਂ ਨਾਲ ਇੱਕ ਸੜਕ ਹਾਦਸਾ ਵਾਪਰ ਗਿਆ। ਰਿਪੋਰਟਾਂ ਮੁਤਾਬਕ ਭਰਤਗੜ੍ਹ ਕਸਬੇ ਨੇੜੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਟਰਾਲੀ ਸੰਘਣੀ ਧੁੰਦ ਕਾਰਨ ਬੇਕਾਬੂ ਹੋ ਕੇ ਪਲਟ ਗਈ।
ਹਾਦਸੇ ਦੌਰਾਨ ਟਰਾਲੀ ‘ਤੇ ਸਵਾਰ ਕਈ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਮੌਕੇ ‘ਤੇ ਅਫ਼ਰਾਤਫ਼ਰੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਦਿਨ ਦੇ ਸਮੇਂ ਧੁੱਪ ਤੇਜ਼ ਹੋਣ ਕਾਰਨ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਦੁਪਹਿਰ ਵੇਲੇ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਸਵੇਰ ਸਮੇਂ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਬਣੀ ਰਹਿੰਦੀ ਹੈ, ਜਿਸ ਕਾਰਨ ਵਿਜ਼ੀਬਿਲਟੀ ਘੱਟ ਹੋ ਜਾਂਦੀ ਹੈ ਅਤੇ ਸੜਕ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ।
ਪ੍ਰਸ਼ਾਸਨ ਵੱਲੋਂ ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਖ਼ਾਸ ਸਾਵਧਾਨੀ ਵਰਤੀ ਜਾਵੇ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ।
