ਲੁਧਿਆਣਾ: ਪੰਜਾਬ ਵਿੱਚ ਗਾਇਕਾਂ ਅਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਮਾਮਲੇ ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਦੇ ਸਾਥੀ ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਧਮਕੀਭਰੀ ਕਾਲ ਆਈ ਹੈ।
ਕਾਲ ਕਰਨ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਹੈਰੀ ਬਾਕਸਰ ਦੱਸਦਿਆਂ ਕਿਹਾ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਹੈ। ਉਸ ਨੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਅਤੇ ਧਮਕੀ ਦਿੱਤੀ ਕਿ ਜੇਕਰ ਮੰਗ ਪੂਰੀ ਨਾ ਕੀਤੀ ਗਈ ਤਾਂ ਪਰਮੀਸ਼ ਵਰਮਾ, ਉਸ ਦੇ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।
ਇਸ ਸੰਬੰਧੀ ਹਰਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਾਲ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਧਮਕੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
