ਅੰਮ੍ਰਿਤਸਰ, 1 ਮਾਰਚ — ਹੋਲੀ ਦੇ ਪਵਿੱਤਰ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਦੇ ਪ੍ਰਸਿੱਧ ਹਾਲ ਬਾਜ਼ਾਰ ਅੰਦਰ ਸਥਿਤ ਜੋਸਨ ਮਾਰਕੀਟ 1 ਮਾਰਚ ਤੋਂ 4 ਮਾਰਚ ਤੱਕ ਪੂਰੀ ਤਰ੍ਹਾਂ ਬੰਦ ਰਹੇਗੀ। ਇਸ ਸੰਬੰਧੀ ਜਾਣਕਾਰੀ ਜੋਸਨ ਮਾਰਕੀਟ ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵਕ ਗੌਰਵ ਭੱਲਾ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਮਾਰਕੀਟ ਦੀ ਵਿਸ਼ੇਸ਼ ਮੀਟਿੰਗ ਸੀਨੀਅਰ ਯੂਨੀਅਨ ਆਗੂਆਂ ਦੀ ਹਾਜ਼ਰੀ ਵਿੱਚ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਸਹਿਮਤੀ ਨਾਲ ਫੈਸਲਾ ਲਿਆ ਗਿਆ ਕਿ 1 ਮਾਰਚ ਤੋਂ 4 ਮਾਰਚ ਤੱਕ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ ਅਤੇ ਇਸ ਅਰਸੇ ਦੌਰਾਨ ਕੋਈ ਵੀ ਕਾਰੋਬਾਰ ਨਹੀਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ, ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੁਕਾਨਦਾਰ ਯੂਨੀਅਨ ਅੱਡਾ ਝਬਾਲ ਵੱਲੋਂ ਹੋਲੇ ਮੁਹੱਲੇ ਦੇ ਪਵਿੱਤਰ ਦਿਨਾਂ ਦੇ ਮੌਕੇ ‘ਤੇ 3 ਅਤੇ 4 ਮਾਰਚ (ਮੰਗਲਵਾਰ ਅਤੇ ਬੁੱਧਵਾਰ) ਨੂੰ ਅੱਡਾ ਝਬਾਲ ਦੀਆਂ ਸਾਰੀਆਂ ਦੁਕਾਨਾਂ ਅਤੇ ਬਾਜ਼ਾਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਯੂਨੀਅਨ ਮੈਂਬਰਾਂ ਨੇ ਕਿਹਾ ਕਿ ਇਹ ਫੈਸਲਾ ਧਾਰਮਿਕ ਪਰੰਪਰਾਵਾਂ ਅਤੇ ਤਿਉਹਾਰਾਂ ਦੀ ਮਰਯਾਦਾ ਨੂੰ ਧਿਆਨ ਵਿੱਚ ਰੱਖਦਿਆਂ ਹਰ ਸਾਲ ਲਿਆ ਜਾਂਦਾ ਹੈ ਅਤੇ ਇਸ ਵਾਰ ਵੀ ਪੂਰੀ ਏਕਤਾ ਨਾਲ ਇਸ ਦੀ ਪਾਲਣਾ ਕੀਤੀ ਜਾਵੇਗੀ।








