07 march 2026:(ਮਨੋਜ ਵਰਮਾ)
ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਪੰਜਾਬ ਦੀ 21 ਸਾਲਾ ਨੌਜਵਾਨ ਲੜਕੀ ਅਰਸ਼ਪ੍ਰੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਫ਼ਤਿਹਗੜ੍ਹ ਸਾਹਿਬ ਨਾਲ ਸਬੰਧਿਤ ਅਰਸ਼ਪ੍ਰੀਤ ਕੌਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਅਰਸ਼ਪ੍ਰੀਤ ਕੌਰ ਉਚੇਰੀ ਪੜ੍ਹਾਈ ਲਈ ਕੈਨੇਡਾ ਗਈ ਹੋਈ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਹਾਲ ਹੀ ਵਿੱਚ ਉਸਨੂੰ ਵਰਕ ਪਰਮਿਟ ਵੀ ਮਿਲਿਆ ਸੀ ਅਤੇ ਉਹ ਉੱਥੇ ਕੰਮ ਕਰ ਰਹੀ ਸੀ।
ਪੁਲਿਸ ਦੇ ਅਨੁਸਾਰ ਟੋਰਾਂਟੋ ਵਿੱਚ ਅਰਸ਼ਪ੍ਰੀਤ ਦੀ ਕਾਰ ਅਤੇ ਇੱਕ ਡੰਪ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਅਰਸ਼ਪ੍ਰੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਇੱਕ ਹੋਰ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਏਅਰਲਿਫਟ ਕਰਕੇ ਹਸਪਤਾਲ ਪਹੁੰਚਾਇਆ ਗਿਆ ਹੈ।
ਦੂਜੇ ਪਾਸੇ ਡੰਪ ਟਰੱਕ ਦਾ ਡਰਾਈਵਰ ਸੁਰੱਖਿਅਤ ਦੱਸਿਆ ਜਾ ਰਿਹਾ ਹੈ। ਇਸ ਦਰਦਨਾਕ ਖ਼ਬਰ ਦੇ ਮਿਲਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਿੱਚ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਇਲਾਕੇ ਵਿੱਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
