ਖ਼ੁਸ਼ਹਾਲ ਪੰਜਾਬ ਦਾ ਸੁਪਨਾ ਔਰਤਾਂ ਦੀ ਖ਼ੁਸ਼ਹਾਲੀ ਨਾਲ ਹੋ ਰਿਹੈ ਪੂਰਾ : ਦਲਵੀਰ ਸਿੰਘ ਢਿੱਲੋਂ
ਧੂਰੀ, 7 ਮਾਰਚ :(ਦੀਪਕ ਦੱਤਾ)
ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਧੂਰੀ ਹਲਕੇ ਦੀਆਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 100 ਔਰਤਾਂ ਨੂੰ “ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ–2026” ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮਿਹਨਤ ਅਤੇ ਲਗਨ ਨਾਲ ਮਿਸਾਲ ਬਣੀਆਂ ਔਰਤਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਭੇਂਟ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ (ਮਹਿਲਾ ਵਿੰਗ) ਅਤੇ ਚੇਅਰਮੈਨ ਮਾਰਕੀਟ ਕਮੇਟੀ ਦਿੜ੍ਹਬਾ ਜਸਵੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਵੱਡੇ ਕਦਮ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਔਰਤਾਂ ਨੂੰ ਸਿੱਖਿਆ, ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮਾਜ ਵਿੱਚ ਹੋਰ ਮਜ਼ਬੂਤੀ ਨਾਲ ਆਪਣੀ ਭੂਮਿਕਾ ਨਿਭਾ ਸਕਣ।
ਔਰਤਾਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਕਾਰੋਬਾਰ ਸ਼ੁਰੂ ਕਰਨ : ਰਾਜਵੰਤ ਸਿੰਘ ਘੁੱਲੀ
ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਵਿੱਚ ਔਰਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਖ਼ੁਸ਼ਹਾਲ ਪੰਜਾਬ ਦਾ ਸੁਪਨਾ ਔਰਤਾਂ ਦੀ ਆਰਥਿਕ ਅਤੇ ਸਮਾਜਿਕ ਮਜ਼ਬੂਤੀ ਨਾਲ ਪੂਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕੇ ਪੱਧਰ ’ਤੇ ਔਰਤਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ ਅਤੇ ਫੇਰ ਜ਼ਿਲ੍ਹਾ ਪੱਧਰ ਅਤੇ ਸੂਬਾ ਪੱਧਰ ’ਤੇ ਵੀ ਸਨਮਾਨ ਕੀਤਾ ਜਾਵੇਗਾ।
ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮਹਿਲਾਵਾਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਰਹੀਆਂ ਹਨ ਅਤੇ ਨਾ ਸਿਰਫ਼ ਖ਼ੁਦ ਆਤਮ ਨਿਰਭਰ ਬਣ ਰਹੀਆਂ ਹਨ, ਸਗੋਂ ਹੋਰ ਲੋਕਾਂ ਲਈ ਵੀ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀਆਂ ਹਨ।

ਇਸ ਮੌਕੇ ਮੈਂਬਰ, ਵਕਫ਼ ਬੋਰਡ ਪੰਜਾਬ ਡਾ. ਅਨਵਰ ਭਸੌੜ ਨੇ ਕਿਹਾ ਕਿ ਸਮਾਜ ਦੀ ਤਰੱਕੀ ਵਿੱਚ ਸਭ ਤੋਂ ਵੱਡਾ ਯੋਗਦਾਨ ਔਰਤਾਂ ਦਾ ਹੁੰਦਾ ਹੈ ਅਤੇ ਔਰਤਾਂ ਨੂੰ ਅੱਗੇ ਵਧਣ ਲਈ ਹਰ ਪੱਧਰ ‘ਤੇ ਮੌਕੇ ਪ੍ਰਦਾਨ ਕਰਨੇ ਸਮਾਜ ਦੀ ਜ਼ਿੰਮੇਵਾਰੀ ਹੈ।
ਇਸ ਮੌਕੇ ਹਲਕਾ ਇੰਚਾਰਜ ਮਹਿਲਾ ਵਿੰਗ ਧੂਰੀ ਨਵਜੋਤ ਕੌਰ, ਹਲਕਾ ਇੰਚਾਰਜ ਮਹਿਲਾ ਵਿੰਗ ਦਿੜ੍ਹਬਾ ਅਮਨਦੀਪ ਕੌਰ, ਬਲਾਕ ਪ੍ਰਧਾਨ ਹਰਵਿੰਦਰ ਕੌਰ, ਅਮਰਜੀਤ ਕੌਰ, ਰਾਜਵਿੰਦਰ ਕੌਰ, ਬਲਾਕ ਸੰਮਤੀ ਸ਼ੇਰਪੁਰ ਵਾਈਸ ਚੇਅਰਪਰਸਨ ਰਮਨਦੀਪ ਕੌਰ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਡਾਇਰੈਕਟਰ ਮਾਲ ਇੰਡਸਟਰੀਜ਼ ਅਨਿਲ ਮਿੱਤਲ, ਦਰਸ਼ਨ ਸਿੰਘ ਪਾਠਕ, ਪੁਸ਼ਪਿੰਦਰ ਸ਼ਰਮਾ, ਨਰੇਸ਼ ਸਿੰਗਲਾ, ਸੁਖਪਾਲ ਸਿੰਘ, ਐਡਵੋਕੇਟ ਹੈਪੀ ਗਰਗ, ਅਰਸ਼ਦੀਪ ਸਿੰਘ ਪੁੰਨਿਆ, ਹਰਦੀਪ ਸਿੰਘ ਸਮੇਤ ਆਮ ਆਦਮੀ ਪਾਰਟੀ ਦੀ ਸਮੂਹ ਟੀਮ ਦੇ ਮੈਂਬਰ ਵੀ ਹਾਜ਼ਰ ਸਨ।