-ਰਸਨੀਤ ਕੌਰ ਵੱਲੋਂ 22 ਸਾਲ ਦੀ ਉਮਰ ‘ਚ ਪਹਿਲੀ ਵਾਰ ਹੀ ਆਲ ਇੰਡੀਆ ਰੈਂਕ 51ਵਾਂ ਪ੍ਰਾਪਤ ਕਰਨਾ; ਪੰਜਾਬ ਲਈ ਮਾਣ ਵਾਲੀ ਪ੍ਰਾਪਤੀ- ਖੁੱਡੀਆਂ
ਰਾਜਪੁਰਾ, ਪਟਿਆਲਾ, 10 ਮਾਰਚ: (ਮਨੋਜ ਵਰਮਾ): ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਗਲਵਾਰ ਸ਼ਾਮ ਨੂੰ ਰਾਜਪੁਰਾ ਨੇੜੇ ਪਿੰਡ ਮਦਨਪੁਰ ਵਿਖੇ ਪਹੁੰਚ ਕੇ ਪੰਜਾਬ ਦੀ ਧੀ ਰਸਨੀਤ ਕੌਰ ਨੂੰ ਦੇਸ਼ ਦੀਆਂ ਸਭ ਤੋਂ ਔਖੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚੋਂ ਇੱਕ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੀ ਵੱਕਾਰੀ ਪ੍ਰੀਖਿਆ ਵਿੱਚ ਆਲ ਇੰਡੀਆ (ਏਆਈਆਰ) 51ਵਾਂ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਵੀ ਮੌਜੂਦ ਸਨ। ਉਨ੍ਹਾਂ ਨੇ ਰਸਨੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ।
ਇਸ ਅਹਿਮ ਪ੍ਰਾਪਤੀ ਹਾਸਲ ਕਰਨ ਵਾਲੀ ਨੌਜਵਾਨ ਬੱਚੀ ਰਸਨੀਤ ਕੌਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਧਾਈ ਦਿੰਦੇ ਹੋਏ, ਖੇਤੀਬਾੜੀ ਮੰਤਰੀ ਨੇ ਉਸਦੇ ਮਾਪਿਆਂ ਨੂੰ ਉਨ੍ਹਾਂ ਦੇ ਸਮਰਥਨ ਅਤੇ ਉਤਸ਼ਾਹ ਲਈ ਵੀ ਵਧਾਈ ਦਿੱਤੀ। ਉਨ੍ਹਾਂ ਨੇ ਰਸਨੀਤ ਕੌਰ ਦੇ ਪਿਤਾ ਅਤੇ ਪੰਜਾਬ ਬਿਜਲੀ ਨਿਗਮ ‘ਚ ਲਾਈਨਮੈਨ ਵਜੋਂ ਕੰਮ ਕਰਦੇ ਜਸਵਿੰਦਰ ਸਿੰਘ ਤੇ ਮਾਤਾ ਇੱਕ ਇੱਕ ਘਰੇਲੂ ਸੁਆਣੀ ਸਵਰਨ ਕੌਰ, ਵੱਲੋਂ ਆਪਣੀ ਬੱਚੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ।
-ਵਿਧਾਇਕ ਗੁਰਲਾਲ ਘਨੌਰ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਵੀ ਰਸਨੀਤ ਕੌਰ ਨੂੰ ਕੀਤਾ ਸਨਮਾਨਿਤ
ਰਸਨੀਤ ਕੌਰ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦੇ ਹੋਏ, ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਿਰਫ 22 ਸਾਲ ਦੀ ਛੋਟੀ ਉਮਰ ਵਿੱਚ, ਉਸਨੇ ਆਪਣੀ ਪਹਿਲੀ ਹੀ ਕੋਸ਼ਿਸ਼ ਵਿੱਚ ਆਲ ਇੰਡੀਆ 51ਵਾਂ ਰੈਂਕ ਪ੍ਰਾਪਤ ਕੀਤਾ। ਖੇਤੀ ਮੰਤਰੀ ਨੇ ਕਿਹਾ ਕਿ ਪਿੰਡ ਮਦਨਪੁਰ ਦੀ ਰਹਿਣ ਵਾਲੀ, ਇਸ ਬੱਚੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀਆਂ ਧੀਆਂ ਹਰ ਖੇਤਰ ਵਿੱਚ ਉੱਤਮ ਹਨ ਅਤੇ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਸਭ ਤੋਂ ਉੱਚੇ ਮੀਲ ਪੱਥਰ ਪ੍ਰਾਪਤ ਕਰਨ ਦੇ ਸਮਰੱਥ ਹਨ।
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇੱਕ ਅਨੁਕੂਲ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ “ਸਾਡੀ ਸਰਕਾਰ ਬਿਹਤਰ ਵਿਦਿਅਕ ਮੌਕੇ ਯਕੀਨੀ ਬਣਾ ਰਹੀ ਹੈ ਅਤੇ ਹਰ ਸੰਭਵ ਸਹਾਇਤਾ ਅਤੇ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਆਪਣੀ ਪਸੰਦ ਦੇ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰ ਸਕਣ ਅਤੇ ਰਾਜ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ।”
ਗੁਰਮੀਤ ਸਿੰਘ ਖੁੱਡੀਆਂ ਨੇ ਅੱਗੇ ਉਮੀਦ ਪ੍ਰਗਟਾਈ ਕਿ ਰਸਨੀਤ ਕੌਰ ਦੀ ਸਫਲਤਾ ਪੰਜਾਬ ਭਰ ਦੇ ਹੋਰ ਬਹੁਤ ਸਾਰੇ ਨੌਜਵਾਨ ਮੁੰਡੇ-ਕੁੜੀਆਂ ਨੂੰ ਸਮਰਪਣ ਅਤੇ ਦ੍ਰਿੜਤਾ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਪ੍ਰੇਰਿਤ ਕਰੇਗੀ। ਕੈਬਨਿਟ ਮੰਤਰੀ ਨੇ ਸਿਵਲ ਸੇਵਾਵਾਂ ਵਿੱਚ ਰਸਨੀਤ ਕੌਰ ਦੇ ਉੱਜਵਲ ਭਵਿੱਖ ਅਤੇ ਆਉਣ ਵਾਲੀਆਂ ਜ਼ਿੰਮੇਵਾਰੀਆਂ ਵਿੱਚ ਸਫਲਤਾ ਦੀ ਕਾਮਨਾ ਕੀਤੀ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਰਸਨੀਤ ਕੌਰ ਨੇ ਹਲਕਾ ਘਨੌਰ ਸਮੇਤ ਸਾਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਬੱਚੀ ਨੇ ਵਕਾਰੀ ਪ੍ਰੀਖਿਆ ਪਾਸ ਕਰਕੇ ਕੰਬੋਜ ਭਾਈਚਾਰੇ ਦਾ ਮਾਣ ਵਧਾਇਆ ਹੈ।
ਇਸ ਦੌਰਾਨ ਤਾਇਆ ਬਲਜਿੰਦਰ ਸਿੰਘ, ਦਾਦਾ ਗੁਰਦਿਆਲ ਸਿੰਘ, ਦਾਦੀ ਪ੍ਰੀਤਮ ਕੌਰ, ਭਰਾ ਜਗਦੀਪ ਸਿੰਘ, ਯੂਜੀਸੀ ਪਾਸ ਭੈਣ ਜਸਕਿਰਨ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਤੇ ਸਹਿਜਪਾਲ ਸਿੰਘ ਲਾਡਾ ਵੀ ਹਾਜ਼ਰ ਸਨ।
