ਪਟਿਆਲਾ,11 ਮਾਰਚ:(ਸੰਜੀਵ ਸ਼ਰਮਾ)
ਸ਼ਹਿਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਵਾਰਡ ਨੰਬਰ 30 ਨੂੰ ਰੌਸ਼ਨ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮੇਅਰ ਨੇ ਦੱਸਿਆ ਕਿ ਲਗਭਗ 11 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਦੇ ਪਾਰਕਾਂ ਸਮੇਤ ਪੂਰੇ ਇਲਾਕੇ ਵਿੱਚ ਆਧੁਨਿਕ ਸਟ੍ਰੀਟ ਲਾਈਟਾਂ ਲਗਵਾਈਆਂ ਜਾ ਰਹੀਆਂ ਹਨ, ਤਾਂ ਜੋ ਰਾਤ ਦੇ ਸਮੇਂ ਇਲਾਕਾ ਨਿਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਵਾਰਡ ਨੰਬਰ 30 ਦੇ ਪਾਰਕ ਅਤੇ ਹੋਰ ਜਨਤਕ ਥਾਵਾਂ ‘ਤੇ ਲਾਈਟਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਵਾਰਡ ਦੀ ਸੁੰਦਰਤਾ ਵਧੇਗੀ, ਉੱਥੇ ਹੀ ਸੁਰੱਖਿਆ ਦੇ ਲਿਹਾਜ਼ ਨਾਲ ਵੀ ਇਹ ਕਦਮ ਸਾਰਥਕ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਤਕਨਾਲੋਜੀ ਨਾਲ ਲੱਗੀਆਂ ਲੈਸ ਐਲਈਡੀ ਲਾਈਟਾਂ ਨਾਲ ਇਲਾਕੇ ਵਿੱਚ ਰਾਤ ਸਮੇਂ ਚੰਗੀ ਰੋਸ਼ਨੀ ਹੋਵੇਗੀ ਅਤੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣੇਗੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਦੇ ਹਰ ਵਾਰਡ ਵਿੱਚ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਜਾਰੀ ਹਨ।
ਇਲਾਕਾ ਨਿਵਾਸੀਆਂ ਨੇ ਵੀ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਸਟਰੀਟ ਲਾਈਟਾਂ ਲੱਗਣ ਨਾਲ ਵਾਰਡ ਦੀਆਂ ਗਲੀਆਂ ਅਤੇ ਪਾਰਕਾਂ ਵਿੱਚ ਰਾਤ ਦੇ ਸਮੇਂ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਸੁਰੱਖਿਆ ਵਿੱਚ ਵੀ ਸੁਧਾਰ ਆਵੇਗਾ।
