ਸਾਰੇ ਯੋਗ ਲਾਭਪਾਤਰੀਆਂ ਦੇ ਖਪਤਕਾਰ ਕਾਰਡ ਤਿਆਰ ਕਰਨਾ ਅਤੇ ਰਾਸ਼ਨ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਸੇਖੋਂ
ਧੂਰੀ, 19 ਮਾਰਚ:(ਦੀਪਕ ਦੱਤਾ)
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਮਾਨਵਾਲਾ ਵਿਖੇ ਸਥਿਤ ਰਾਸ਼ਨ ਡੀਪੂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਡੀਪੂ ਵਿੱਚ ਮੌਜੂਦ ਰਾਸ਼ਨ ਦੇ ਸਟਾਕ, ਵੰਡ ਪ੍ਰਣਾਲੀ, ਰਿਕਾਰਡ ਰੱਖ-ਰਖਾਅ ਅਤੇ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਅਨਾਜ ਦੀ ਗੁਣਵੱਤਾ ਦੀ ਵਿਸਥਾਰ ਨਾਲ ਜਾਂਚ ਕੀਤੀ।
ਚੈਕਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਨੇ ਡੀਪੂ ਹੋਲਡਰ ਅਤੇ ਸੰਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਹਦਾਇਤ ਕੀਤੀ ਕਿ ਸਾਰੇ ਯੋਗ ਲਾਭਪਾਤਰੀਆਂ ਦੇ ਖਪਤਕਾਰ ਕਾਰਡ ਤਿਆਰ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਸਰਕਾਰੀ ਸਹੂਲਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਰਾਸ਼ਨ ਦੀ ਵੰਡ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ ਅਤੇ ਹਰ ਮਹੀਨੇ ਲਾਭਪਾਤਰੀਆਂ ਨੂੰ ਨਿਰਧਾਰਤ ਮਾਤਰਾ ਅਨੁਸਾਰ ਸਮੇਂ ਸਿਰ ਰਾਸ਼ਨ ਮੁਹੱਈਆ ਕਰਵਾਇਆ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਡੀਪੂਆਂ ਦੀ ਨਿਯਮਿਤ ਜਾਂਚ ਯਕੀਨੀ ਬਣਾਈ ਜਾਵੇ ਅਤੇ ਜਿੱਥੇ ਵੀ ਕਿਸੇ ਤਰ੍ਹਾਂ ਦੀ ਗੜਬੜ ਜਾਂ ਲਾਪਰਵਾਹੀ ਸਾਹਮਣੇ ਆਉਂਦੀ ਹੈ, ਉਥੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਲਈ ਖੁਰਾਕ ਸਪਲਾਈ ਪ੍ਰਣਾਲੀ ਨੂੰ ਹੋਰ ਸੁਧਾਰਿਆ ਜਾ ਰਿਹਾ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਸਵੀਰ ਸਿੰਘ ਸੇਖੋਂ ਨੇ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਜ਼ਿੰਮੇਵਾਰੀ ਹੈ ਕਿ ਉਹ ਲਾਭਪਾਤਰੀਆਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪੂਰੀ ਇਮਾਨਦਾਰੀ ਅਤੇ ਸਮਾਂਬੱਧ ਢੰਗ ਨਾਲ ਪਹੁੰਚਾਉਣ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਡੀਪੂ ‘ਤੇ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸੰਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ।