ਚੰਡੀਗੜ੍ਹ/ਅੰਮ੍ਰਿਤਸਰ: 21 march 2026:(ਮਨੋਜ ਵਰਮਾ)
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਅੰਮ੍ਰਿਤਸਰ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਦਰਦਨਾਕ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਅਪਰਾਧਿਕ ਮੁਕੱਦਮਾ (FIR) ਦਰਜ ਕੀਤਾ ਜਾਵੇ।
ਜਾਖੜ ਦੇ ਮੁੱਖ ਇਤਰਾਜ਼ ਅਤੇ ਮੰਗਾਂ:
-
ਪ੍ਰਸ਼ਾਸਨਿਕ ਜਾਂਚ ਬਨਾਮ ਪੁਲਿਸ ਜਾਂਚ: ਜਾਖੜ ਨੇ ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਜਾਂਚ ਸੌਂਪਣ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਮਹਿਜ਼ ਪ੍ਰਸ਼ਾਸਨਿਕ ਕੁਤਾਹੀ ਨਹੀਂ, ਸਗੋਂ ਇੱਕ ਗੰਭੀਰ ਅਪਰਾਧਿਕ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਾਂਚ ਪੁਲਿਸ ਪ੍ਰਣਾਲੀ ਰਾਹੀਂ ਹੀ ਹੋਣੀ ਚਾਹੀਦੀ ਹੈ।
-
ਡਾਈਂਗ ਡੈਕਲੇਰੇਸ਼ਨ (ਮੌਤ ਤੋਂ ਪਹਿਲਾਂ ਦਾ ਬਿਆਨ): ਭਾਜਪਾ ਪ੍ਰਧਾਨ ਨੇ ਕਿਹਾ ਕਿ ਮ੍ਰਿਤਕ ਅਧਿਕਾਰੀ ਵੱਲੋਂ ਮੌਤ ਤੋਂ ਪਹਿਲਾਂ ਜਾਰੀ ਕੀਤੀ ਗਈ ਵੀਡੀਓ ਇੱਕ ਮਜ਼ਬੂਤ ਸਬੂਤ ਹੈ। ਉਸ ਵੀਡੀਓ ਵਿੱਚ ਲਗਾਏ ਗਏ ਦੋਸ਼ਾਂ ਨੂੰ ਹੀ ਐਫਆਈਆਰ ਦਾ ਆਧਾਰ ਬਣਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।
-
ਸਿਆਸੀ ਦਬਾਅ ਦਾ ਦੋਸ਼: ਜਾਖੜ ਨੇ ਦੋਸ਼ ਲਾਇਆ ਕਿ ਅਫਸਰਸ਼ਾਹੀ ‘ਤੇ ਸਿਆਸੀ ਦਬਾਅ ਪਾ ਕੇ ਉਨ੍ਹਾਂ ਨੂੰ ਅਜਿਹੇ ਖੌਫਨਾਕ ਕਦਮ ਚੁੱਕਣ ਲਈ ਮਜਬੂਰ ਕਰਨਾ ਬੇਹੱਦ ਮੰਦਭਾਗਾ ਹੈ।
ਸਰਕਾਰ ਨੂੰ ਸਿੱਧੀ ਚੁਣੌਤੀ
ਜਾਖੜ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੁੰਦੀ ਹੈ, ਤਾਂ ਇਸ ਮਾਮਲੇ ਨੂੰ ਪ੍ਰਸ਼ਾਸਨਿਕ ਫਾਈਲਾਂ ਵਿੱਚ ਦਬਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨ੍ਹਾਂ ਕਿਹਾ:
“ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰਨ ਲਈ ਪੁਲਿਸ ਜਾਂਚ ਜ਼ਰੂਰੀ ਹੈ ਤਾਂ ਜੋ ਸਿਆਸੀ ਦਬਾਅ ਬਣਾਉਣ ਵਾਲੇ ਚਿਹਰੇ ਨੰਗੇ ਹੋ ਸਕਣ।”









